ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਦੀ ਖੁੱਲ੍ਹੀ ਬਹਿਸ ਤੋਂ ਪਹਿਲਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਕਬੱਡੀ ਖਿਡਾਰੀ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਬਠਿੰਡਾ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਦੇ ਘਰ ਦੇ ਬਾਹਰ ਪੁਲਿਸ ਦੀਆਂ ਦੋ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਲੱਖਾ ਸਿਧਾਣਾ ਉਨ੍ਹਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਖੁੱਲ੍ਹੀ ਬਹਿਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਲੱਖਾ ਸਿਧਾਣਾ ਵੀ ਜਲੰਧਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਦੇ ਸੱਦੇ ‘ਤੇ ਆਯੋਜਿਤ ਬਹਿਸ ‘ਚ ਪਹੁੰਚੇ ਸਨ ਅਤੇ ਪਾਣੀਆਂ ਦੇ ਮੁੱਦੇ ਅਤੇ ਐਸਵਾਈਐਲ ਨਹਿਰ ਨੂੰ ਲੈ ਕੇ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਇਸ ਦੇ ਨਾਲ ਹੀ ਸਿਧਾਣਾ ਨੇ ਐਲਾਨ ਕੀਤਾ ਸੀ ਕਿ ਉਹ ਇਸ ਬਹਿਸ ਵਿੱਚ ਆ ਕੇ ਇਸ ਦਾ ਵਿਰੋਧ ਕਰਨਗੇ ਅਤੇ ਹਰ ਪਾਰਟੀ ਦਾ ਘਿਰਾਓ ਕਰਨਗੇ।