ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਉਪਰੰਤ ਐਨ.ਐਚ.ਏ.ਆਈ. ਵੱਲੋਂ ਰਾਸ਼ਟਰੀ ਰਾਜਮਾਰਗ ‘ਤੇ ਮੁਫ਼ਤ ਐਮਰਜੈਂਸੀ ਸਹਾਇਤਾ ਲਈ ਸਾਈਨ ਬੋਰਡ ਲਾਉਣ ਦੀ ਸ਼ੁਰੂਆਤ
ਹਾਈਵੇ ’ਤੇ ਚੜ੍ਹਨ ਤੇ ਉਤਰਣ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਵਿਚਲੇ ਕੱਟਾਂ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ
ਜਲੰਧਰ, ਐਚ ਐਸ ਚਾਵਲਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਹਾਈਵੇ ‘ਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਹਾਇਤਾ ਲਈ ਟੋਲ-ਫ੍ਰੀ ਨੰਬਰ ਦਰਸਾਉਂਦੇ ਬੋਰਡ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਸੁਰੱਖਿਆ ਕਮੇਟੀ ਦੀਆਂ ਪਿਛਲੀਆਂ ਮੀਟਿੰਗਾਂ ਦੌਰਾਨ ਐਨ.ਐਚ.ਏ.ਆਈ. ਨੂੰ ਹਾਈਵੇ ਦੇ ਨਾਲ ਵੱਧ ਤੋਂ ਵੱਧ ਸਾਈਨ ਬੋਰਡ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਲੋੜ ਪੈਣ ’ਤੇ ਯਾਤਰੀਆਂ ਦੀ ਮੁਫ਼ਤ ਐਂਬੂਲੈਂਸ, ਕ੍ਰੇਨ ਅਤੇ ਹੋਰ ਐਮਰਜੈਂਸੀ ਸਹਾਇਤਾ ਨਾਲ ਮਦਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਅਥਾਰਟੀ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਟੋਲ ਫ੍ਰੀ ਨੰਬਰ 1033 ’ਤੇ ਐਂਬੂਲੈਂਸ ਅਤੇ ਕ੍ਰੇਨ ਆਦਿ ਮੁਫ਼ਤ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਪਰ ਇਨ੍ਹਾਂ ਸੇਵਾਵਾਂ ਬਾਰੇ ਜਾਣਕਾਰੀ ਨਾ ਹੋਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਾਈਵੇ ’ਤੇ ਵਾਹਨਾਂ ਦੇ ਖ਼ਰਾਬ ਹੋਣ ਜਾਂ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਯਾਤਰੀਆਂ ਨੂੰ ਇਨ੍ਹਾਂ ਮੁਫ਼ਤ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ ਬਾਰੇ ਸੂਚਿਤ ਕਰਨ ਲਈ ਹਾਈਵੇ ਦੇ ਨਾਲ-ਨਾਲ ਵੱਧ ਤੋਂ ਵੱਧ ਸਾਈਨ ਬੋਰਡ ਲਗਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਾਈਵੇਜ਼ ਅਥਾਰਟੀ ਵੱਲੋਂ ਸੜਕ ਵਿਚਲੇ ਕੱਟਾਂ (ਐਂਟਰੀ ਅਤੇ ਐਗਜ਼ਿਟ ਪੁਆਇੰਟ) ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਮਹੱਤਵਪੂਰਨ ਥਾਵਾਂ ’ਤੇ ਕਿਸੇ ਵੀ ਕਿਸਮ ਦੀ ਸੜਕ ਦੁਰਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੀਮਤੀ ਜਾਨਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰਾਸ਼ਟਰੀ ਰਾਜ ਮਾਰਗਾਂ ‘ਤੇ ਚੱਲ ਰਹੇ ਕੰਮਾਂ ਦੀ ਰੋਜ਼ਾਨਾ ਦੇ ਆਧਾਰ ‘ਤੇ ਨਿਗਰਾਨੀ ਵੀ ਕੀਤੀ ਜਾ ਰਹੀ ਹੈ।