
ਸ਼ੰਭੂ ਬਾਰਡਰ ਉਤੇ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਅ ਹੋਇਆ ਹੈ। ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਪਿੱਛੋਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਹਨ। ਇਸ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ।
ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਆਪਣਾ ਦਿੱਲੀ ਚਲੋ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ।
ਦਿੱਲੀ ਕੂਚ ਬਾਰੇ ਲੱਖਾ ਸਿਧਾਣਾ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਇਧਰ, ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦਿੱਲੀ ਜਾਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਆ ਰਹੇ ਹਾਂ, ਤਿਆਰ ਰਹੇ ਦਿੱਲੀਏ’
ਰਾਕੇਸ਼ ਟਿਕੈਤ ਦੀ ਪਲਾਨਿੰਗ!
ਰਾਕੇਸ਼ ਟਿਕੈਤ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਹਨ। ਟਿਕੈਤ ਭਾਵੇਂ ਇਸ ਅੰਦੋਲਨ ਵਿੱਚ ਨਜ਼ਰ ਨਹੀਂ ਆ ਰਹੇ ਪਰ ਉਨ੍ਹਾਂ ਨੇ ਇੱਕ ਹੋਰ ਅੰਦੋਲਨ ਦਾ ਨਾਅਰਾ ਜ਼ਰੂਰ ਬੁਲੰਦ ਕੀਤਾ ਹੈ। ਟਿਕੈਤ ਨੇ ਕਿਹਾ ਹੈ ਕਿ 16 ਫਰਵਰੀ ਨੂੰ ਉਨ੍ਹਾਂ ਦਾ ‘ਕਿਸਾਨ ਸਾਂਝਾ ਮੋਰਚਾ’ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਕਰੇਗਾ ਅਤੇ ਸੜਕਾਂ ਜਾਮ ਕਰੇਗਾ। ਟਿਕੈਤ ਦੀ ਜਥੇਬੰਦੀ ਅਤੇ ਇਸ ਨਾਲ ਜੁੜੇ ਕਿਸਾਨਾਂ ਦੀ ਭਵਿੱਖੀ ਰਣਨੀਤੀ ਕੀ ਹੈ, ਇਹ ਵੀ ਟਿਕੈਤ 16 ਫਰਵਰੀ ਨੂੰ ਹੀ ਦੱਸਣਗੇ।
ਟਿਕੈਤ ਦਾ ਆਖਰੀ ਟਵੀਟ
ਰਾਕੇਸ਼ ਟਿਕੈਤ ਦੇ ਟਵਿੱਟਰ ਹੈਂਡਲ ਨੂੰ ਦੇਖੀਏ ਤਾਂ ਟਿਕੈਤ ਨੇ ਕੇਂਦਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ ਅਤੇ 16 ਫਰਵਰੀ ਦੇ ਭਾਰਤ ਬੰਦ ਨੂੰ ਅਸਫਲ ਬਣਾਉਣ ਲਈ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦਾ ਦਾਅਵਾ ਕੀਤਾ ਹੈ। ਟਿਕੈਤ ਨੇ ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਮੱਧ ਪ੍ਰਦੇਸ਼ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਨਿਲ ਯਾਦਵ ਅਤੇ ਅਰਾਧਨਾ ਭਾਰਗਵ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ।
ਦਿੱਲੀ ਸਰਕਾਰ ਨੇ ਬਵਾਨਾ ਸਟੇਡੀਅਮ ਨੂੰ ਜੇਲ੍ਹਾਂ ‘ਚ ਬਦਲਣ ਤੋਂ ਕੀਤੀ ਨਾਂਹ
ਕਿਸਾਨਾਂ ਦੇ ਅੰਦੋਲਨ ਨੂੰ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਸਮਰਥਨ ਮਿਲਿਆ ਹੈ। ਦਿੱਲੀ ਸਰਕਾਰ ਨੇ ਮਾਰਚ ਕਰਨ ਤੋਂ ਰੋਕਣ ਲਈ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।
ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਸੋਮਵਾਰ ਨੂੰ ਕਿਸਾਨ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਹ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਲਈ ਸਹਿਮਤੀ ਨਹੀਂ ਦੇ ਸਕਦੀ।