
Invitation extended to CM Bhagwant Mann to visit Pakistan for an international Punjabi conference in Lahore
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਕਿਸਤਾਨ ਜਾਣ ਦੀ ਇੱਛਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਉਨ੍ਹਾਂ ਨੂੰ ਰਸਮੀ ਸੱਦਾ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸੂਬਾਈ ਅਲਪਸੰਖਿਆਕ ਮਾਮਲਿਆਂ ਦੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਸੀਐਮ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ ਜਾਵੇਗਾ।
ਲਾਹੌਰ ‘ਚ ਹੋਣ ਵਾਲੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਦਾ ਮਿਲਿਆ ਸੀ ਸੱਦਾ
ਮੁੱਖ ਮੰਤਰੀ ਭਗਵੰਤ ਮਾਨ ਨੂੰ 27 ਤੋਂ 29 ਨਵੰਬਰ ਤੱਕ ਲਾਹੌਰ ‘ਚ ਹੋਣ ਵਾਲੇ ਚੌਥੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ‘ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਸੀ। ਇਹ ਸੱਦਾ ਪ੍ਰਸਿੱਧ ਪੰਜਾਬੀ ਕਵੀ ਬਾਬਾ ਬਸ਼ੀਰ ਹੁਸੈਨ ਨਜ਼ਮੀ, ਜਿਨ੍ਹਾਂ ਨੂੰ ਬਾਬਾ ਨਜ਼ਮੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਅਤੇ ਪੰਜਾਬੀ ਪ੍ਰਚਾਰ ਸੰਗਠਨ ਵੱਲੋਂ ਭੇਜਿਆ ਗਿਆ ਸੀ।
‘ਮਾਨ ਸਾਹਿਬ, ਅਸੀਂ ਤੁਹਾਡਾ ਦਿਲੋਂ ਸਵਾਗਤ ਕਰਦੇ ਹਾਂ’
ਪਾਕਿਸਤਾਨ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ‘ਚ ਪਾਕਿਸਤਾਨ ਜਾਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਦੇ ਜਵਾਬ ‘ਚ ਉਨ੍ਹਾਂ ਨੇ ਸੀਐਮ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਦੇਸ਼ ਹੈ ਤੇ ਉੱਥੇ ਰਹਿਣ ਵਾਲੇ ਹਿੰਦੂ, ਮੁਸਲਿਮ, ਸਿੱਖ ਅਤੇ ਇਸਾਈ ਭਾਈਚਾਰਿਆਂ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ।











