ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਇੱਕ ਹੁਕਮ ਜਾਰੀ ਕੀਤਾ ਹੈ। ਚੋਣਾਂ ਵਿੱਚ ਸ਼ਬਦਾਂ ਦੀ ਵਰਤੋਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਉਹ ਅਪਾਹਜ ਵਿਅਕਤੀਆਂ ਨਾਲ ਜੁੜੇ ਅਪਮਾਨਜਨਕ ਸ਼ਬਦ ਜਿਵੇਂ ਕਿ ਗੂੰਗੇ, ਬਹਿਰੇ ਆਦਿ ਨਾਲ ਸਬੰਧਤ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਾਲ ਅਪਾਹਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਕਮਿਸ਼ਨ ਨੇ ਕਿਹਾ ਕਿ ਅਜਿਹੇ ‘ਚ ਕਿਸੇ ਸਿਆਸੀ ਪਾਰਟੀ ਜਾਂ ਉਸ ਦੇ ਉਮੀਦਵਾਰ ਵੱਲੋਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਇਹ ਉਨ੍ਹਾਂ ਦਾ ਅਪਮਾਨ ਮੰਨਿਆ ਜਾਵੇਗਾ। ਅਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਸ਼ਬਦਾਂ ਤੋਂ ਬਚ ਕੇ ਅਪਾਹਜ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਕੰਮ ਕਰਨਾ ਚਾਹੀਦਾ ਹੈ।
ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਅਪਾਹਜ ਵਿਅਕਤੀਆਂ ਨਾਲ ਸਬੰਧਤ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਰੀ ਕੀਤੀ ਐਡਵਾਈਜ਼ਰੀ ਵਿੱਚ ਇਹ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਵੀ ਕਿਹਾ ਹੈ ਕਿ ਉਹ ਅਪਾਹਜ ਵਿਅਕਤੀਆਂ ਨੂੰ ਆਪਣੀਆਂ ਵੈਬਸਾਈਟਾਂ ਨਾਲ ਜੋੜਣ ਲਈ ਇੱਕ ਵੱਖਰੀ ਮੁਹਿੰਮ ਸ਼ੁਰੂ ਕਰਨ ਤਾਂ ਜੋ ਉਹ ਦੇਸ਼ ਦੀ ਲੋਕਤੰਤਰੀ ਚੋਣ ਪ੍ਰਕਿਰਿਆ ਵਿੱਚ ਵੀ ਹਿੱਸਾ ਲੈ ਸਕਣ।