
ਚੰਡੀਗੜ੍ਹ / ਜਲੰਧਰ /ਜੇ ਐਸ ਮਾਨ / SS ਚਾਹਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ: ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਵਜ਼ਾਰਤ ਵਿੱਚ ਸ਼ਾਮਲ ਕੀਤੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ ।
ਜਲੰਧਰ ਸੰਸਦੀ ਹਲਕੇ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ‘ਆਪ’ ਦੇ ਚਾਰ ਵਿਧਾਇਕ ਹਨ, ਜੋ ਸਾਰੇ ਪਹਿਲੀ ਵਾਰ ਵਿਧਾਇਕ ਬਣੇ ਹਨ। ਇਨ੍ਹਾਂ ਚਾਰ ਵਿਧਾਇਕਾਂ ‘ਚੋਂ ਇਕ ਬਲਕਾਰ ਸਿੰਘ (Balkar Singh), ਜੋ ਕਰਤਾਰਪੁਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾਇਆ ਗਿਆ ਹੈ। ਬਲਕਾਰ ਸਿੰਘ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਲੰਧਰ ਤੋਂ ਪਹਿਲੇ ਮੰਤਰੀ ਹੋਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਕੈਬਨਿਟ ਦੇ ਮਜ਼ਬੂਤ ਮੰਤਰੀਆਂ ਵਿੱਚੋਂ ਇਕ ਮੰਨਿਆ ਜਾਂਦਾ ਹੈ। ਪਹਿਲੀ ਵਾਰ ਵਿਧਾਇਕ ਬਣਨ ਤੋਂ ਬਾਅਦ ਡੇਢ ਸਾਲ ਦੇ ਅਰਸੇ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਨਾ ਵੀ ਬਲਕਾਰ ਸਿੰਘ ਲਈ ਵੱਡੀ ਪ੍ਰਾਪਤੀ ਹੈ। ਇਹ ਵੀ ਉਮੀਦ ਦੀ ਗੱਲ ਹੈ ਕਿ ਅਗਲੇ ਕੁਝ ਮਹੀਨਿਆਂ ਵਿੱਚ ਸੂਬੇ ਵਿੱਚ ਲੋਕਲ ਬਾਡੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਲੰਧਰ ਵਿੱਚ ਵੀ ਪੰਜ ਨਵੇਂ ਵਾਰਡ ਬਣਾਏ ਜਾ ਰਹੇ ਹਨ ਅਤੇ ਵਾਰਡਾਂ ਦੀ ਹੱਦਬੰਦੀ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ।
ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਰਾਜਪਾਲ ਪੰਜਾਬ ਦੇ ਵਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।