
ਕਿਹਾ 1.17 ਲੱਖ ਤੋਂ ਵੱਧ ਇੰਤਕਾਲ ਕੀਤੇ, ਸੂਬੇ ’ਚ ਸਭ ਤੋਂ ਘੱਟ ਪੈਂਡੇਸੀ ਕਾਇਮ
ਕੋਰਟ ਕੇਸ, ਤਕਸੀਮ ਦੇ ਕੇਸਾਂ, ਸਟੈਂਪ ਡਿਊਟੀ ਰਿਕਵਰੀ, ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੇਨਿਊ-ਕੋਰਟ ਮੈਨੇਜਮੈਂਟ ਸਿਸਟਮ ਦਾ ਵੀ ਲਿਆ ਜਾਇਜ਼ਾ
ਜਲੰਧਰ, ਐਚ ਐਸ ਚਾਵਲਾ।
ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅਧਿਕਾਰੀਆਂ ਨੂੰ ਵੀਰਵਾਰ ਨੂੰ ਪਟਵਾਰੀਆਂ ਤੇ ਕਾਨੂੰਨਗੋਆਂ ਦੇ ਕੰਮਕਾਜ ਦੇ ਨਿਯਮਿਤ ਨਿਰੀਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਟਵਾਰੀਆਂ ਤੇ ਕਾਨੂੰਨਗੋਆਂ ਦੇ ਕੰਮਕਾਜ ਦਾ ਨਿਯਮਿਤ ਨਿਰੀਖਣ ਕੀਤਾ ਜਾਵੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਮਾਲ ਵਿਭਾਗ ਸਬੰਧੀ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹੇ ’ਚ ਕੀਤੇ ਗਏ ਇੰਤਕਾਲਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲ ਅਤੇ ਸਭ ਤੋਂ ਘੱਟ ਪੈਂਡੇਸੀ ਨੂੰ ਕਾਇਮ ਰੱਖਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ 1,17564 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੇਵਲ 2187 ਇੰਤਕਾਲ ਬਕਾਇਆ ਹਨ, ਜੋ ਕਿ ਕੁਲ ਕੇਸਾਂ ਦਾ 1.86 ਫੀਸਦੀ ਬਣਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਇਆ ਜਾ ਸਕੇ। ਸਭ ਤੋਂ ਘੱਟ ਪੈਂਡੇਸੀ ਨੂੰ ਕਾਇਮ ਰੱਖਣ ਲਈ ਉਨ੍ਹਾਂ ਇੰਤਕਾਲਾਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਸਟੈਂਪ ਡਿਊਟੀ ਰਿਕਵਰੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਰਿਕਵਰੀਆਂ ਪਹਿਲ ਦੇ ਆਧਾਰ ’ਤੇ ਕੀਤੀਆਂ ਜਾਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕੋਰਟ ਕੇਸਾਂ ਖਾਸ ਕਰ ਤਕਸੀਮ ਦੇ ਕੇਸਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਕ ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਕੇਸਾਂ ਨੂੰ ਤਰਜੀਹ ਦੇ ਕੇ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।