
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਉਮੀਦਵਾਰ ਉਤਾਰਨ ਕਰਕੇ ਪੰਥਕ ਧਿਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਹਮਾਇਤ ਮੰਗੀ ਪਰ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ।
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਵਲਟੋਹਾ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਮੁਹਿੰਮ 30 ਅਪਰੈਲ ਨੂੰ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦਿੰਦਿਆਂ ਆਪਣਾ ਉਮੀਦਵਾਰ ਵਾਪਸ ਲੈ ਲਿਆ ਹੈ। ਇਸ ਕਰਕੇ ਪੰਥਕ ਧਿਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਆਪਣਾ ਉਮੀਦਵਾਰ ਵਾਪਸ ਲੈਣਾ ਚਾਹੀਦਾ ਹੈ।
ਅਹਿਮ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਐਲਾਨ ਮਗਰੋਂ ਹੀ ਆਪਣੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੋਸ਼ਲ ਮੀਡੀਆ ਉਪਰ ਆ ਰਹੇ ਪ੍ਰਤੀਕ੍ਰਮ ਨੂੰ ਵੇਖਦਿਆਂ ਉਹ ਸੋਮਵਾਰ ਨੂੰ ਆਪਣੇ ਸਮਰਥਨ ਲਈ ਅੰਮ੍ਰਿਤਪਾਲ ਦੇ ਮਾਪਿਆਂ ਨੂੰ ਮਿਲਣ ਗਏ ਸਨ। ਦੂਜੇ ਪਾਸੇ ਅਕਾਲੀ ਦਲ ਨੂੰ ਇਹ ਵੀ ਖਦਸ਼ਾ ਹੈ ਕਿ ਇਸ ਦਾ ਅਸਰ ਹੋਰ ਸੀਟਾਂ ਉਪਰ ਵੀ ਪੈ ਸਕਦਾ ਹੈ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਹੈ ਕਿ ਇੱਕ ਪਾਸੇ ਮਾਨ ਦਲ ਹੈ ਜਿਸ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਪਣੇ ਉਮੀਦਵਾਰ ਦਾ ਨਾਂ ਵਾਪਸ ਲੈ ਲਿਆ ਹੈ ਜਦੋਂਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਪਾਲ ਸਿੰਘ ਦੇ ਨਾਂ ਦਾ ਐਲਾਨੇ ਜਾਣ ਤੋਂ ਬਾਅਦ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਥਕ ਕੌਣ ਹੈ।