IndiaJalandhar

ਵਿਜੀਲੈਂਸ ਟੀਮ ਦੀ SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਰੇਡ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਪੁਸ਼ਟੀ ਕੀਤੀ ਹੈ।

ਬੀਬੀ ਜਗੀਰ ਕੌਰ ਡੇਰਾ ਸੰਤ ਪ੍ਰੇਮ ਸਿੰਘ ਮੁਰਾਲੇ ਦੀ ਮੁੱਖ ਸੇਵਾਦਾਰ ਹੈ ਅਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਟੀਮ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 28 ਅਗਸਤ 2023 ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਟੀਸ਼ਨ ਅਨੁਸਾਰ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਡੇਰੇ ਦੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

Leave a Reply

Your email address will not be published.

Back to top button