ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50,000 ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।