ਵਿਦੇਸ਼ੀ ਧਰਤੀ ਭਾਰਤੀ ਵਿਦਿਆਰਥੀਆਂ ਲਈ ਬਣੀ ਸ਼ਮਸ਼ਾਨ-ਭੂਮੀ ! ਕੈਨੇਡਾ ‘ਚ ਸਭ ਤੋਂ ਵੱਧ ਮੌਤਾਂ, ਹੋਸ਼ ਉਡਾਣ ਵਾਲੇ ਅੰਕੜੇ

ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਤੇ ਉੱਥੇ ਸੈਟਲ ਹੋਣ ਦੇ ਇਰਾਦੇ ਨਾਲ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ। ਅਜਿਹੇ ਦੇਸ਼ਾਂ ਵਿੱਚ ਅਮਰੀਕਾ, ਇੰਗਲੈਂਡ, ਰੂਸ ਤੇ ਕੈਨੇਡਾ ਦਾ ਨਾਂ ਸਭ ਤੋਂ ਉੱਪਰ ਆਉਂਦਾ ਹੈ। ਹਾਲਾਂਕਿ, ਇਸ ਦੌਰਾਨ ਭਾਰਤ ਸਰਕਾਰ ਨੇ ਵੀਰਵਾਰ (7 ਸਤੰਬਰ) ਨੂੰ ਇੱਕ ਰਿਪੋਰਟ ਜਾਰੀ ਕੀਤੀ ਜਿਸ ਦੇ ਅੰਕੜੇ ਹੋਸ਼ ਉਡਾ ਦੇਣ ਵਾਲੇ ਹਨ।
ਇਸ ਰਿਪੋਰਟ ਵਿੱਚ 2018 ਤੋਂ ਬਾਅਦ ਦੂਜੇ ਦੇਸ਼ਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ 403 ਭਾਰਤੀ ਵਿਦਿਆਰਥੀਆਂ ਦੀ ਮੌਤ ਦਾ ਜ਼ਿਕਰ ਕੀਤਾ ਗਿਆ ਹੈ। ਇਸ ਰਿਪੋਰਟ ਮੁਤਾਬਕ ਦੁਨੀਆ ਦੇ 34 ਦੇਸ਼ਾਂ ਵਿੱਚੋਂ ਕੈਨੇਡਾ ਵਿੱਚ ਸਭ ਤੋਂ ਵੱਧ 91 ਮੌਤਾਂ ਹੋਈਆਂ ਹਨ। ਇਹ ਖੁਲਾਸਾ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਕੀਤਾ ਹੈ।
ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਦੱਸਿਆ ਕਿ ਮੰਤਰਾਲੇ ਕੋਲ ਉਪਲਬਧ ਜਾਣਕਾਰੀ ਅਨੁਸਾਰ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 403 ਘਟਨਾਵਾਂ ਸਾਹਮਣੇ ਆਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਯੂਨਾਈਟਿਡ ਕਿੰਗਡਮ (48), ਰੂਸ (40), ਸੰਯੁਕਤ ਰਾਜ ਅਮਰੀਕਾ (36), ਆਸਟਰੇਲੀਆ (35), ਯੂਕਰੇਨ (21), ਜਰਮਨੀ, ਸਾਈਪ੍ਰਸ (14), ਇਟਲੀ ਤੇ ਫਿਲੀਪੀਨਜ਼ (10) ਹਨ।
ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ, “ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਭਾਰਤ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਤਰਜੀਹਾਂ ਵਿੱਚੋਂ ਇੱਕ ਹੈ।” ਇਸ ਲਈ ਮਿਸ਼ਨ/ਪੋਸਟ ਦੇ ਮੁਖੀ ਤੇ ਸੀਨੀਅਰ ਅਧਿਕਾਰੀ ਭਾਰਤੀ ਵਿਦਿਆਰਥੀਆਂ ਤੇ ਉਨ੍ਹਾਂ ਦੀਆਂ ਐਸੋਸੀਏਸ਼ਨਾਂ ਨਾਲ ਨਿਯਮਤ ਗੱਲਬਾਤ ਲਈ ਯੂਨੀਵਰਸਿਟੀਆਂ ਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਭਾਰਤੀ ਮਿਸ਼ਨ ਤੇ ਪੋਸਟਾਂ ਚੌਕਸ ਰਹਿਣ ਤੇ ਵਿਦਿਆਰਥੀਆਂ ਦੀ ਤੰਦਰੁਸਤੀ ‘ਤੇ ਤਿੱਖੀ ਨਜ਼ਰ ਰੱਖਣ।
ਮੰਤਰੀ ਦੇ ਬਿਆਨ ਅਨੁਸਾਰ, ਦੂਜੇ ਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਨਾਲ ਜੁੜੀ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮਾਮਲੇ ਵਿੱਚ ਭਾਰਤੀ ਮਿਸ਼ਨ ਤੇ ਪੋਸਟਾਂ ਤੁਰੰਤ ਮੇਜ਼ਬਾਨ ਦੇਸ਼ ਦੇ ਅਧਿਕਾਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਉਠਾਉਂਦੀਆਂ ਹਨ। ਉਹ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਸਬੰਧਤ ਕੇਸਾਂ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ ਤੇ ਅਪਰਾਧੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ।