ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ, ਬੰਦੋਬਸਤ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼
ਜਲੰਧਰ, ਐਚ ਐਸ ਚਾਵਲਾ।
ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਐਸ. ਭੂਪਤੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 5 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 4 ਫਰਵਰੀ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਆਵਾਜਾਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ।
ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ, ਲੋੜੀਂਦੀਆਂ ਦਵਾਈਆਂ, ਐਂਬੂਲੈਂਸ, ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਹੋਰ ਵਿਸ਼ੇਸ਼ ਥਾਵਾਂ ਦੀ ਸਾਫ-ਸਫਾਈ, ਚੌਕਾ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਵਿਧਾਇਕਾਂ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪੁਲਿਸ ਕਮਿਸ਼ਨਰ ਵੱਲੋਂ ਵੀ ਸੁਚੱਜੀ ਪਾਰਕਿੰਗ, ਸੁਰੱਖਿਆ ਅਤੇ ਟਰੈਫਿਕ ਵਿਵਸਥਾ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ, ਐਸ.ਡੀ.ਐਮ. ਜੈ ਇੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ, ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦੇ ਮੌਜੂਦ ਸਨ।