
ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ INDIA ਗਠੱਜੋੜ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਹਿਮਤੀ ਬਣਦੀ ਦਿਖਾਈ ਨਹੀਂ ਦੇ ਰਹੀ ਖਾਸ ਕਰਕੇ ਪੰਜਾਬ ਵਿੱਚ ਇਹ ਗੱਠਜੋੜ ਤੋਂ ਉੱਲਟ ਚੱਲ ਰਹੀਆਂ ਹਨ। ਇੱਕ ਦੂਜੇ ‘ਤੇ ਕੀਤੀ ਜਾ ਰਹੀ ਬਿਆਨ ਬਾਜ਼ੀ ‘ਆਪ’ ਅਤੇ ਕਾਂਗਰਸ ਦੇ ਲੀਡਰਾਂ ਵਿਚਾਲੇ ਦੂਰੀਆ ਵਧਾ ਰਹੀ ਹੈ।
ਇਸ ਵਿਚਾਲੇ ਹੁਣ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਰਾਜ ਦੌਰਾਨ ਨਸ਼ਾ ਘਰ ਘਰ ਵਿੱਚ ਪਹੁੰਚ ਚੁੱਕਾ ਹੈ। ਸੂਬੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ‘ਆਪ’ ਆਗੂਆਂ ਵੱਲੋਂ ਕਾਂਗਰਸ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਵਾਹ ਵਾਹ ਖੱਟੀ ਜਾ ਰਹੀ ਹੈ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣ ਦਾ ਪੂਰਾ ਮਨ ਬਣਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਨਾਲ ਰਲ ਕੇ ਚੋਣਾਂ ਲੜਨ ਦੇ ਖਿਲਾਫ਼ ਹੈ। ਕਾਂਗਰਸ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਰੰਧਾਵਾ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੇ ਕੁਝ ਹਫਤਿਆਂ ‘ਚ ਹੀ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਨਸ਼ੇ ਘਰ ਘਰ ਪਹੁੰਚ ਗਏ ਹਨ।