ਨਾਜਾਇਜ਼ ਮਾਈਨਿੰਗ ਮਾਫੀਆ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਰੋਪੜ ਪੁਲੀਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਦੇ ਸਰਗਨਾ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਮਾਈਨਿੰਗ ਵਿਭਾਗ ਨੂੰ ਪੱਕੀ ਸੂਚਨਾ ਸੀ ਕਿ ਮੁਲਜ਼ਮ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਹੈ। ਵਿਭਾਗ ਨੇ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨਾਲ ਛਾਪੇਮਾਰੀ ਕੀਤੀ ਤਾਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਰੇਤ ਦੇ ਟਿੱਪਰ ਵੀ ਵੱਡੀ ਗਿਣਤੀ ‘ਚ ਫੜੇ ਗਏ ਹਨ। ਸੂਤਰਾਂ ਮੁਤਾਬਕ ਗ੍ਰਿਫਤਾਰ ਮੁਲਜ਼ਮ ਕਾਂਗਰਸ ਦੇ ਸਮੇਂ ਚੰਨੀ ਦਾ ਖਾਸਮਖਾਸ ਰਿਹਾ ਹੈ।
ਸਿਆਸਤਦਾਨਾਂ ਨਾਲ ਚੰਗੀ ਸਾਂਝ ਹੋਣ ਕਾਰਨ ਕੋਈ ਵੀ ਅਧਿਕਾਰੀ ਮੁਲਜ਼ਮਾਂ ਨੂੰ ਹੱਥ ਨਹੀਂ ਪਾ ਸਕਿਆ। ਪੰਜਾਬ ਵਿੱਚ ਸਰਕਾਰ ਬਦਲਦੇ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮੰਤਰੀ ਹਰਜੋਤ ਸਿੰਘ ਬੈਂਸ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਲੋਕਾਂ ਨੂੰ ਰੇਤ ਸਸਤੀ ਦਿੱਤੀ ਜਾਵੇਗੀ। ਇਸ ਦੇ ਲਈ ਪਹਿਲਾਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਹੋਵੇਗਾ।