PunjabPolitics

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਸਪੀਕਰ,ਡਿਪਟੀ ਸਪੀਕਰ,2 ਕੈਬਨਿਟ ਮੰਤਰੀਆਂ ‘ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਤਰਨ ਤਾਰਨ/ ਅਮਨਦੀਪ 

ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮੀਡਿਆ ਰਿਪੋਰਟਾਂ ਮੁਤਾਬਕ ‘ਆਪ’ ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਹੋਏ ਹਨ। ਇਹ ਹੁਕਮ 2020 ਵਿੱਚ ‘ਆਪ’ ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਦਿੱਤੇ ਗਏ ਧਰਨੇ ਖ਼ਿਲਾਫ਼ ਦਰਜ ਐਫਆਈਆਰ ਤਹਿਤ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਜੁਲਾਈ 2020 ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਗਈਆਂ ਸਨ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ ‘ਚ ‘ਆਪ’ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏ.ਸੀ.ਜੇ.ਐਮ ਗਾਰਡਨ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।

 

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ‘ਆਪ’ ਦੇ ਸਾਰੇ ਆਗੂਆਂ ਦੇ ਵਕੀਲ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ, ਪਰ ਜੱਜ ਗਾਰਡਨ ਸਿੰਘ ਨੇ ਇਹ ਕਹਿ ਕੇ ਇਹ ਅਰਜ਼ੀ ਰੱਦ ਕਰ ਦਿੱਤੀ ਕਿ ਸਾਰਿਆਂ ਦੀ ਗ਼ੈਰ-ਹਾਜ਼ਰੀ ਕਾਰਨ ਕੇਸ ਲਟਕ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਲਈ ਅਰਜ਼ੀ ਦੇਣ ਵਾਲਿਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।

ਇਹ ਹੈ ਮਾਮਲਾ 
2020 ‘ਚ ਨਕਲੀ ਸ਼ਰਾਬ ਕਾਰਨ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ  100 ਦੇ ਕਰੀਬ ਮੌਤਾਂ ਹੋਣ  ‘ਤੇ ‘ਆਪ’ ਆਗੂਆਂ ਵੱਲੋਂ 20 ਅਗਸਤ, 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ ਅਤੇ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਨੂੰ ਲੈ ਕੇ ਉਨ੍ਹਾਂ ਸਮੇਤ ਕਈ ਹੋਰ ਨੇਤਾਵਾਂ ‘ਤੇ ਸਦਰ ਪੁਲਿਸ ਨੇ ਧਾਰਾ 188, ਸੀਆਰਪੀਸੀ ਤੇ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਹੂਚ ਘਟਨਾ ਦੇ ਵਿਰੋਧ ‘ਚ ਧਰਨਾ ਦੇਣ ਦੇ ਦੋਸ਼ ਵਿੱਚ ‘ਆਪ’ ਆਗੂ ਤੇ ਵਰਕਰ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਸਨ। ਜਿਸ ਦੇ ਚਲਦੇ ਉਨ੍ਹਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈੈ।

One Comment

Leave a Reply

Your email address will not be published.

Back to top button