ਸਰਕਾਰ ਦੀ ਸ਼ਗਨ ਸਕੀਮ ਜਿਸ ਨੂੰ ਆਸ਼ੀਰਵਾਦ ਯੋਜਨਾ ਦਾ ਨਾਂ ਦਿੱਤਾ ਗਿਆ ਹੈ, ਇਸਦੇ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਭਾਵੇਂ ਪਿਛਲੀ ਸਰਕਾਰ ਦੌਰਾਨ ਇਸ ਸਕੀਮ ਅਧੀਨ ਲਾਭਪਾਤਰੀਆਂ ਦੀ ਸੂਚੀ ਬਕਾਇਆ ਪਈ ਸੀ ਪਰ ਮੌਜੂਦਾ ਸਰਕਾਰ ਨੇ ਦਸੰਬਰ 2022 ਤੱਕ ਸੂਚੀ ਨੂੰ ਅਪਡੇਟ ਕਰਕੇ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਵਿਭਾਗ ਨੇ ਇਸ ਸਕੀਮ ਤਹਿਤ ਅਪਲਾਈ ਕਰਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਨਾਲ ਨਾ ਸਿਰਫ਼ ਸਕੀਮ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਆਵੇਗੀ ਸਗੋਂ ਕੇਸਾਂ ਦੇ ਜਲਦੀ ਨਿਪਟਾਰੇ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਵੱਲੋਂ ਬੇਟੀ ਦੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਜਾਂ ਵਿਆਹ ਤੋਂ ਇਕ ਮਹੀਨਾ ਬਾਅਦ ਪੋਰਟਲ ‘ਤੇ ਅਪਲਾਈ ਕਰਨਾ ਜ਼ਰੂਰੀ ਹੋਵੇਗਾ, ਨਹੀਂ ਤਾਂ ਦਰਖਾਸਤਾਂ ਰੱਦ ਕਰ ਦਿੱਤੀਆਂ ਜਾਣਗੀਆਂ।
ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਵਿੱਚੋਂ ਇੱਕ ਤਹਿਤ 32,35,978 ਲਾਭਪਾਤਰੀ ਸਕੀਮਾਂ ਦਾ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਦੇ ਸਮਾਜ ਭਲਾਈ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਤੋਂ ਇਲਾਵਾ ਆਸ਼ਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਤਹਿਤ 5650.60 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 958.39 ਕਰੋੜ ਰੁਪਏ ਅਪ੍ਰੈਲ ਮਹੀਨੇ ਵਿੱਚ ਹੀ ਖਰਚ ਕੀਤੇ ਜਾ ਚੁੱਕੇ ਹਨ।