ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲ
ਅੰਮ੍ਰਿਤਸਰ /ਐੱਸ ਐਸ ਚਾਹਲ ਦੀ ਵਿਸ਼ੇਸ਼ ਰਿਪੋਰਟ
ਸ਼੍ਰੋਮਣੀ ਅਕਾਲੀ ਦਲ ‘ਚ ਭੂਚਾਲ ਆ ਗਿਆ ਹੈ। ਅਕਾਲੀ ਦਲ ਦਾ ਵੱਡਾ ਧੜਾ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਦਾ ਝੰਡਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਅਕਾਲੀ ਲੀਡਰਾਂ ਨੇ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਖੁਦ ਖਿਮਾ ਜਾਚਣਾ ਕੀਤੀ, ਉੱਥੇ ਹੀ ਆਪਣੀ ਪੁਰਾਣੀ ਸਰਕਾਰ ਤੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡੇ ਖੁਲਾਸੇ ਕੀਤੇ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ ਹਨ।
ਦਰਅਸਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਪੰਜਾਬ ‘ਚ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਇੱਕ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਤੇ ਮੁਆਫ਼ੀ ਮੰਗ ਲਈ।
ਅਕਾਲੀ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਹੈ ਜਿਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣਾ ਵੀ ਸ਼ਾਮਲ ਹੈ। ਅਕਾਲੀ ਲੀਡਰਾਂ ਵੱਲੋਂ 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਵੀ ਮੁਆਫੀ ਮੰਗੀ ਗਈ ਹੈ। ਇਨ੍ਹਾਂ ਲੀਡਰਾਂ ਨੇ ਆਈਪੀਐਸ ਅਧਿਕਾਰੀ ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ ਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨਿਆ ਹੈ।
ਇਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠਾ ਕੇ ਕੋਈ ਹੱਲ ਕੱਢਣ ਲਈ ਕਿਹਾ ਹੈ। ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ ‘ਤੇ ਵਿਚਾਰ ਕਰਨਗੇ। ਨਹੀਂ ਤਾਂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।
ਬਾਗ਼ੀ ਧੜੇ ਨੇ ਅਕਾਲ ਤਖ਼ਤ ਨੂੰ ਸੌਂਪੇ ਮੁਆਫ਼ੀਨਾਮੇ ‘ਚ 4 ਗ਼ਲਤੀਆਂ ਮੰਨੀਆਂ…
1. ਡੇਰਾ ਸਿਰਸਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ
2007 ਵਿੱਚ ਸਲਾਬਤਪੁਰਾ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਦੀ ਨਕਲ ਕਰਦੇ ਹੋਏ ਉਹੋ ਜਿਹਾ ਬਾਣਾ ਪਹਿਨ ਕੇ ਅੰਮ੍ਰਿਤ ਛਕਣ ਦਾ ਬਹਾਨਾ ਲਾਇਆ ਸੀ। ਉਸ ਸਮੇਂ ਉਸ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਪਰ ਬਾਅਦ ਵਿੱਚ ਅਕਾਲੀ ਸਰਕਾਰ ਨੇ ਸਜ਼ਾ ਦੇਣ ਦੀ ਬਜਾਏ ਕੇਸ ਵਾਪਸ ਲੈ ਲਿਆ।
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿੱਤੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਡੇਰਾ ਮੁਖੀ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ। ਇਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਤੇ ਰੋਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਇਸ ਫੈਸਲੇ ਤੋਂ ਪਿੱਛੇ ਹਟਣਾ ਪਿਆ।
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ
1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਕੁਝ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਕਰ ਲਈ। ਫਿਰ 12 ਅਕਤੂਬਰ, 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 110 ਅੰਗ ਚੋਰੀ ਕਰਕੇ ਬਾਹਰ ਸੁੱਟ ਦਿੱਤੇ ਗਏ। ਇਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਸਮੇਂ ਸਿਰ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਗਏ ਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਦੁਖਦਾਈ ਘਟਨਾਵਾਂ ਵਾਪਰੀਆਂ।
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ
ਅਕਾਲੀ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ। ਉਹ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਲਈ ਜਾਣਿਆ ਜਾਂਦਾ ਸੀ। ਆਲਮ ਸੈਨਾ ਬਣਾਉਣ ਵਾਲੇ ਪੁਲਿਸ ਮੁਲਾਜ਼ਮ ਇਜ਼ਹਾਰ ਆਲਮ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਮੁੱਖ ਸੰਸਦੀ ਸਕੱਤਰ ਬਣਾ ਦਿੱਤਾ।
2012 ਵਿੱਚ ਬਣੀ ਅਕਾਲੀ ਦਲ ਦੀ ਸਰਕਾਰ ਤੇ ਪਿਛਲੀਆਂ ਅਕਾਲੀ ਸਰਕਾਰਾਂ ਵੀ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਤੇ ਪੀੜਤਾਂ ਨੂੰ ਰਾਹਤ ਦੇਣ ਲਈ ਕਮਿਸ਼ਨ ਬਣਾ ਕੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਵਿੱਚ ਨਾਕਾਮ ਰਹੀਆਂ।
ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਪ੍ਰਧਾਨਗੀ ਬਾਰੇ ਕੀ ਕਿਹਾ
ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਬਾਰੇ ਕਿਹਾ ਕਿ,“ਸ਼੍ਰੋਮਣੀ ਅਕਾਲ ਦਲ ਸਿੱਖਾਂ ਦੀ ਰਾਜਸੀ ਜਮਾਤ ਹੈ। ਪਾਰਟੀ ਵਿੱਚ ਜਿੰਨੇ ਵੀ ਮੱਤਭੇਦ ਹਨ ਉਸ ਬਾਰੇ ਪਾਰਟੀ ਦੇ ਸਿਆਣੇ ਆਗੂਆਂ ਦਾ ਫ਼ਰਜ ਬਣਦਾ ਹੈ ਕਿ ਮੀਟਿੰਗ ਕਰਨ ਤੇ ਪਾਰਟੀ ਨੂੰ ਦੋਫ਼ਾੜ ਹੋਣ ਤੋਂ ਬਚਾਉਣ।”
ਉਨ੍ਹਾਂ ਅਕਾਲੀ ਦੀ ਪ੍ਰਧਾਨਗੀ ਦੇ ਜਵਾਬ ਉੱਤੇ ਕਿਹਾ ਕਿ, “ਮੇਰੇ ਤੱਕ ਹਾਲੇ ਤੱਕ ਕੋਈ ਵੀ ਅਪਰੋਚ ਨਹੀਂ ਕੀਤੀ ਗਈ ਜੇ ਸਮੁੱਚੀ ਅਕਾਲੀ ਲੀਡਰਸ਼ਿਪ ਕਹੇ ਤਾਂ ਵਿਚਾਰ ਕੀਤਾ ਜਾ ਸਕਦਾ ਹੈ।