
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।