ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਵੱਲੋਂ ਮੁੱਖ ਮੰਤਰੀ ਨਿਵਾਸ ਤੱਕ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਸ਼ੁਰੂ ਹੋ ਕੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਮੁੱਖ ਮੰਤਰੀ ਨਿਵਾਸ ਪਹੁੰਚਿਆ।
ਇਸ ਦੌਰਾਨ ਸਿੱਖ ਸਦਭਾਵਨਾ ਦਲ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਪੱਕਾ ਮੋਰਚਾ ਲਾਇਆ ਗਿਆ। ਐਲਾਨ ਕੀਤਾ ਗਿਆ ਕਿ ਜਦੋਂ ਤੱਕ ਸੰਗਤ ਨੂੰ ਇਨਸਾਫ਼ ਨਹੀਂ ਮਿਲਦਾ, ਪੱਕਾ ਮੋਰਚਾ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ।
ਹਰ ਰੋਜ਼ ਸਵੇਰੇ-ਸ਼ਾਮ ਅਰਦਾਸ ਨਾਲ ਕੀਰਤਨ ਵੀ ਕੀਤਾ ਜਾਵੇਗਾ। ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਚਿੱਤਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੀਰਤਨ ਕਰਦਿਆਂ ਸੀ.ਐਮ ਮਾਨ ਨੂੰ ਜਾਣੂ ਕਰਵਾਇਆ ਗਿਆ ਹੈ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹਨਾਂ ਨੇ ਮਸਲਿਆਂ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ। ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਸਭ ਭੁੱਲ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਬਾਦਲਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਚੋਰੀ ਕਰਕੇ ਵੇਚ ਦਿੱਤੇ ਗਏ ਹਨ। ਇਸ ਸਬੰਧੀ ਸਿੱਖ ਸੰਗਤਾਂ ਵੱਲੋਂ ਪਿਛਲੇ 22 ਮਹੀਨਿਆਂ ਤੋਂ ਅੰਮ੍ਰਿਤਸਰ ਸਾਹਿਬ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।