
Historic day for Sikh Sangat, former CA of SGPC arrested in missing 328 sacred objects case
ਅੰਮ੍ਰਿਤਸਰ ਪੁਲਿਸ ਵੱਲੋਂ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ FIR ਦਰਜ ਕੀਤੀ ਗਈ ਸੀ ਅਤੇ 16 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਕੋਹਲੀ ਨੂੰ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਦੀ ਗ਼ਲਤ ਖ਼ਬਰ ਲਗਾਉਣ ਵਾਲੇ ਮੀਡੀਆ ਚੈਨਲ ਦੇ 9 ਲੋਕਾਂ ਤੇ FIR ਦਰਜ
‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਨੂੰ ਸਿੱਖ ਸੰਗਤ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ “ਪਿਛਲੇ ਚਾਰ–ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਹਾਈਕੋਰਟ ਦੀਆਂ ਸਪੱਸ਼ਟ ਹਦਾਇਤਾਂ ’ਤੇ ਇਸ ਮਾਮਲੇ ਵਿੱਚ ਪਰਚਾ ਦਰਜ ਹੋਇਆ, ਸਿੱਟ ਗਠਨ ਕੀਤੀ ਗਈ ਅਤੇ ਅੱਜ ਸਿੱਟ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।”
ਮੁੱਖ ਵਿਅਕਤੀ ਦੀ ਗ੍ਰਿਫ਼ਤਾਰੀ
ਧਾਲੀਵਾਲ ਨੇ ਕਿਹਾ ਕਿ “ਐਸਐਸ ਕੋਹਲੀ, ਜੋ ਕਿ ਇੱਕ ਚਾਰਟਡ ਅਕਾਊਂਟੈਂਟ ਰਹਿ ਚੁੱਕਾ ਹੈ ਅਤੇ ਕਦੇ ਐਸਜੀਪੀਸੀ ਨਾਲ ਵੀ ਜੁੜਿਆ ਰਿਹਾ। ਉਸ ਨੂੰ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ। ਇਹ ਇਸ ਕੇਸ ਦੀ ਪਹਿਲੀ ਗ੍ਰਿਫਤਾਰੀ ਹੈ ਅਤੇ ਉਹ ਵੀ ਮੁੱਖ ਵਿਅਕਤੀ ਦੀ, ਜੋ ਕਿ ਸਿੱਟ ਦੀ ਗੰਭੀਰਤਾ ਅਤੇ ਨੀਅਤ ਨੂੰ ਦਰਸਾਉਂਦੀ ਹੈ। ਪਿਛਲੇ ਸਾਲਾਂ ਦੌਰਾਨ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਧਰਨੇ, ਮੁਜ਼ਾਹਰੇ ਅਤੇ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਭਾਈ ਬਲਦੇਵ ਸਿੰਘ ਵਡਾਲਾ ਵਰਗੇ ਪ੍ਰਸਿੱਧ ਕੀਰਤਨੀ ਦੀ ਗਵਾਹੀ ਵੀ ਇਸ ਮਾਮਲੇ ਵਿੱਚ ਅਹਿਮ ਰਹੀ ਹੈ।”
ਦੋਸ਼ੀਆਂ ਨੂੰ ਸਜ਼ਾ ਯਕੀਨੀ
ਵਿਧਾਇਕ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਇਹ ਪੰਜਾਬ ਸਰਕਾਰ ਦੀ ਪੱਕੀ ਕਮਿਟਮੈਂਟ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿੱਖ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ 328 ਸਰੂਪ ਮਾਮਲੇ ਵਿੱਚ ਜਿੰਨੇ ਵੀ 16 ਦੇ 16 ਦੋਸ਼ੀ ਹਨ, ਉਨ੍ਹਾਂ ਸਭ ਨੂੰ ਗ੍ਰਿਫਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ
328 ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ “ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਹੈ। ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਜਾਂਚ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਜਿਹੜੇ ਲੋਕ ਸੱਚ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ। ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।”








