
ਸ਼੍ਰੋਮਣੀ ਅਕਾਲੀ ਦਲ (Shiromni Akali Dal) ਨੂੰ ਅੱਜ ਸ਼ਨੀਵਾਰ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਇਹ ਮੀਟਿੰਗ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੇ ਨਾਂਅ ਉੱਤੇ ਮੋਹਰ ਲਾਈ ਗਈ।
ਇਸ ਚੋਣ ਲਈ ਕਿਸੇ ਨੇ ਵੀ ਬਾਦਲ ਦੇ ਖ਼ਿਲਾਫ਼ ਆਪਣਾ ਨਾਮ ਪ੍ਰਸਤਾਵਿਤ ਨਹੀਂ ਕੀਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਰਬਸੰਮਤੀ ਨਾਲ ਮੁਖੀ ਚੁਣਿਆ ਗਿਆ। ਅਕਾਲੀ ਆਗੂ ਅਤੇ ਇਨ੍ਹਾਂ ਚੋਣਾਂ ਲਈ ਨਿਯੁਕਤ ਰਿਟਰਨਿੰਗ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਨੇ ਮੀਟਿੰਗ ਦੌਰਾਨ ਬਾਦਲ ਦੇ ਨਾਮ ਨੂੰ ਪ੍ਰਵਾਨਗੀ ਦਿੱਤੀ।
ਬਾਦਲ ਨੇ ਪੰਜ ਮਹੀਨੇ ਪਹਿਲਾਂ ਤਨਖ਼ਾਹੀਆ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਦੌਰਾਨ, ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਪਣੀ ਸਜ਼ਾ ਕੱਟ ਰਹੇ ਸੀ ਤਾਂ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਬਚ ਗਏ।
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਉੱਤੇ ਸੁਖਬੀਰ ਬਾਦਲ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ਪੰਜਾਬ ਦੇ ਵਿਕਾਸ ਪੁਰਸ਼ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ‘ਤੇ ਬਹੁਤ ਬਹੁਤ ਮੁਬਾਰਕਾਂ, ਬਾਦਲ ਪੰਥ ਤੇ ਪੰਜਾਬ ਦੇ ਹੱਕਾਂ ਦੀ ਡੱਟ ਕੇ ਪਹਿਰੇਦਾਰੀ ਕਰਨ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ।
ਪਾਰਟੀ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਡੇਲੀਗੇਟਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਇਹ ਪੰਜਾਬ ਦੀ ਅਸਲ ਵਾਰਿਸ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਬੱਤ ਦੇ ਭਲੇ ਵਿਸ਼ਵਾਸ ਰੱਖਦਾ ਹੈ। ਉਹਨਾਂ ਕਿਹਾ ਕਿ ਬਾਕੀ ਗੁਰਦੁਆਰਾ ਸਾਹਿਬ ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ।
30 ਸਾਲਾਂ ਤੋਂ ਇੱਕ ਪਰਿਵਾਰ ਕੋਲ ਕਮਾਨ
1995 ਵਿੱਚ ਮਹਰੂਮ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਚੁਣੇ ਗਏ ਸਨ। ਜਿਸ ਤੋਂ ਬਾਅਦ ਸਾਲ 2008 ਵਿੱਚ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਸੌਂਪੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਹੋਏ ਕੁੱਝ ਗਲਤ ਕੰਮਾਂ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ ਸੀ। ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ।