ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਟਵੀਟ ਹਟਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਮਾਨ ਸਰਕਾਰ ਨੂੰ ਚਿਤਾਵਨੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਟਵੀਟ ਨੂੰ ਉਨ੍ਹਾਂ ਦੇ ਟਵਿੱਟਰ ਅਕਾਉਂਟ ਤੋਂ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸਿੱਖਾਂ ਵਿਚਾਲੇ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਸੀਐੱਮ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾਅ ਨਹੀਂ ਕਰਦੇ ਤਾਂ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਹੀਰ ਕੱਢੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਟਵੀਟ ਹਟਾ ਦਿੱਤਾ ਗਿਆ ਜਿਸ ’ਚ ਉਨ੍ਹਾਂ ਵੱਲੋਂ ਸਾਂਝੀ ਵਿਸ਼ੇਸ਼ ਇਕੱਤਰਤਾ ਸਬੰਧੀ ਪੋਸਟਰ ਸਾਂਝਾ ਕੀਤਾ ਸੀ।
ਉੱਥੇ ਹੀ ਦੂਜੇ ਪਾਸੇ ਭਾਰਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਹਟਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਚਿਤਾਵਨੀ ਵੀ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਨਾਮ ਸੰਦੇਸ਼ ਕੀ ਹੁਣ ਸਰਕਾਰਾਂ ਤੋਂ ਮਨਜੂਰ ਕਰਵਾ ਕੇ ਦਿਆ ਕਰਨ। ਇਹ ਤਾਂ ਮੁਗਲ ਵੀ ਨਾ ਕਰਵਾ ਸਕੇ।