ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਦੂਜੇ ਪਾਸੇ ਇਸ ਦਿਨ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਤਿਉਹਾਰ ਤੋਂ ਪਹਿਲਾਂ ਹੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਲਿਆਂਦੇ ਗਏ ਹਨ। ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟ੍ਰੇਲੀਆ ਤੋਂ ਮੰਗਵਾਏ ਗਏ ਹਨ, ਜਿਨ੍ਹਾਂ ਨਾਲ 180 ਕਾਰੀਗਰ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਹਰਿਮੰਦਰ ਸਾਹਿਬ ਦੀ ਸਜਾਵਟ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ 10 ਟਰੱਕਾਂ ਵਿੱਚ ਲੱਦ ਕੇ ਅੰਮ੍ਰਿਤਸਰ ਲਿਆਂਦਾ ਗਿਆ। ਸਿਰਫ਼ ਹਰਿਮੰਦਰ ਸਾਹਿਬ ਹੀ ਨਹੀਂ, ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰੱਖੇ ਗਏ ਅੰਮ੍ਰਿਤਸਰ ਹਵਾਈ ਅੱਡੇ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ।