ਵਧੀਕ ਡਿਪਟੀ ਕਮਿਸ਼ਨਰ ਵਲੋਂ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਸਬੰਧਿਤ ਅਧਿਕਾਰੀਆਂ ਨੁੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, ਐਚ ਐਸ ਚਾਵਲਾ।
ਸ੍ਰੀ ਗੁਰੂ ਰਵਿਦਾਸ ਜੀ ਦੇ 5 ਫਰਵਰੀ 2023 ਨੂੰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 4 ਫਰਵਰੀ ਨੂੰ ਸਜਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਲਈ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ ਨੇ ਸ਼ੋਭਾ ਯਾਤਰਾ ਦੇ ਰੂਟ ’ਤੇ ਸਜਾਵਟ ਅਤੇ ਸਫ਼ਾਈ ਪ੍ਰਬੰਧਾਂ ਦੇ ਨਾਲ-ਨਾਲ ਸੰਗਤ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਆਦਿ ਦੀ ਵਿਵਸਥਾ ਲਈ ਵੀ ਨਗਰ ਨਿਗਮ ਦੇ ਅਧਿਕਾਰੀਆਂ ਨੁੂੰ ਨਿਰਦੇਸ਼ ਦਿੱਤੇ। ਪੁਲਿਸ ਕਮਿਸ਼ਨਰੇਟ ਅਤੇ ਐਸ.ਐਸ.ਪੀ. ਦਿਹਾਤੀ ਦੇ ਦਫ਼ਤਰ ਤੋਂ ਆਏ ਪੁਲਿਸ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਕਿਹਾ।
ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ 4 ਫਰਵਰੀ 2023 ਸ਼ੋਭਾ ਯਾਤਰਾ ਵਾਲੇ ਦਿਨ ਅਤੇ 5 ਫਰਵਰੀ ਨੂੰ ਗੁਰਪੁਰਬ ਵਾਲੇ ਦਿਨ ਮੈਡੀਕਲ ਟੀਮਾਂ, ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਝੰਡੇ ਅਤੇ ਸਜਾਵਟੀ ਗੇਟ ਲਗਾਏ ਜਾਣ। ਪਾਵਰਕਾਮ ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੁੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸੜਕਾਂ ਆਦਿ ਦੀ ਲੋੜੀਂਦੀ ਮੁਰੰਮਤ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ਼ਿਖਾ ਭਗਤ, ਗੁਰੂ ਰਵਿਦਾਸ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਹਰਦਿਆਲ ਬੰਗੜ, ਸੇਠ ਸਤਪਾਲ ਮੱਲ, ਜਨਰਲ ਸਕੱਤਰ ਵਿਨੋਦ ਕੌਲ, ਸ਼ਾਦੀ ਲਾਲ ਵੋਹਰਾ, ਕ੍ਰਿਸ਼ਨ ਕਲੇਰ, ਕੌਂਸਲਰ ਮਨਦੀਪ ਜੱਸਲ, ਸਤਿਗੁਰੂ ਰਵਿਦਾਸ ਵੈਲਫੇਅਰ ਮਿਸ਼ਨ ਦੇ ਪ੍ਰਧਾਨ ਕਮਲ, ਨਛੱਤਰ ਨਿੱਕੂ ਆਦਿ ਮੌਜੂਦ ਸਨ।