

2 accused arrested for threatening to blow up Sri Harmandir Sahib with a bomb

ਪੰਜਾਬ ਦੇ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ‘ਚ ਹੁਣ ਤੱਕ ਨਾ ਤਾਂ ਕਿਸੇ ਪੁਲਿਸ ਅਧਿਕਾਰੀ ਵਲੋਂ ਤੇ ਨਾ ਹੀ ਪੰਜਾਬ ਸਰਕਾਰ ਵਲੋਂ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ। ਪਿਛਲੇ ਦੋ ਦਿਨਾਂ ਤੋਂ ਟੀਮਾਂ ਤਮਿਲਨਾਡੂ ਵਿੱਚ ਸੰਬੰਧਤ ਲਿੰਕ ਲੱਭ ਰਹੀਆਂ ਸਨ।
ਸੂਤਰ ਦੱਸਦੇ ਹਨ ਕਿ ਅੰਮ੍ਰਿਤਸਰ ਪੁਲਿਸ ਨੇ ਸੰਜੀਵ ਕੁਮਾਰ ਦੂਬੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੇ ਈਮੇਲ ਲਿਖਣ ਵਾਲਾ ਮੁਲਜ਼ਮ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੱਲ੍ਹ ਆਪਣੀ ਰਿਹਾਇਸ਼ ਉਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
