ਜਲੰਧਰ / ਐਸ ਐਸ ਚਾਹਲ
ਜਲੰਧਰ ਦੇ ਪਿੰਡ ਖਿਆਲਾ ਵਿੱਚ ਸਥਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਚੱਲ ਰਹੇ ਯੁਵਕ ਮੇਲੇ ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੀ ਸ਼ਿਰਕਤ ਕੀਤੀ। ਦੋਵਾਂ ਨੇ ਆਪੋ-ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਦਾ ਜ਼ੋਰ ਸੂਬੇ ਵਿੱਚ ਹੁਨਰ ਆਧਾਰਿਤ ਕੋਰਸਾਂ ’ਤੇ ਹੈ। ਸਰਕਾਰ ਪੰਜਾਬ ਵਿੱਚ ਬਰੇਨ ਡਰੇਨ ਨੂੰ ਰੋਕੇਗੀ ਅਤੇ ਇੱਥੇ ਨੌਕਰੀਆਂ ਕਰਨ ਦੀ ਬਜਾਏ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣ ਜਾ ਰਹੀ ਹੈ।
ਕਲਾ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋਡੀ ਅਤੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹਰ ਕਿਸੇ ਨੂੰ ਆਪਣੇ ਜੀਵਨ ਵਿੱਚ ਕਲਾ ਦਾ ਕੋਈ ਨਾ ਕੋਈ ਰੂਪ ਜ਼ਰੂਰ ਅਪਨਾਉਣਾ ਚਾਹੀਦਾ ਹੈ। ਕਿਉਂਕਿ ਕਲਾ ਹੀ ਸਾਡਾ ਜੀਵਨ ਹੈ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਜਿੱਥੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉੱਥੇ ਉਨ੍ਹਾਂ ਨੂੰ ਆਪਣੀ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰਨ ਦਾ ਮੌਕਾ ਮਿਲਦਾ ਹੈ।