
ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਘੁਮਾਣ ਦੇ ਗੁਰਦੁਆਰਾ ਗੁਰੂ ਅਮਰਦਾਸ ਜੀ ਪੁੱਲ ਅਠਵਾਲ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਭਿੰਡਰਾਂਵਾਲਾ ਦਾ 30 ਅਪ੍ਰੈਲ ਦੀ ਰਾਤ ਨੂੰ ਉਨ੍ਹਾਂ ਦੇ ਹੀ ਸੇਵਾਦਾਰ ਰਮਨਦੀਪ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਕਤਲ ਦੇ 8 ਦਿਨ ਬਾਅਦ ਵੀ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੈ। ਨੌਜਵਾਨ ਕਾਤਲ ਜੋ ਇਕ ਹਫ਼ਤੇ ਤੋਂ ਪੁਲਿਸ ਦੀ ਚੌਕਸੀ ਦੇ ਬਾਅਦ ਵੀ ਲੁਕਿਆ ਹੋਇਆ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਕਨਸੋਆਂ ਲਗਾਈਆਂ ਜਾ ਰਹੀਆਂ ਹਨ। ਉਧਰ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਦੀ ਸੂਚਨਾ ਦੇਣ ਵਾਲੇ ਨੂੰ ਇੱਕ ਢਾਡੀ ਜਥੇ ਵੱਲੋਂ 50,000 ਦੇਣ ਦਾ ਐਲਾਨ ਕੀਤਾ ਗਿਆ ਹੈ। ਢਾਡੀ ਜਥੇ ਦੀ ਪਤਨੀ ਬੇਅੰਤ ਕੌਰ ਵੱਲੋਂ ਸ਼ੋਸਲ ਮੀਡੀਆ ’ਤੇ ਵੀਡੀਓ ਪਾ ਕੇ ਕਾਤਲ ਰਮਨਦੀਪ ਸਿੰਘ ਬਾਰੇ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਦੋਂ ਬੀਬੀ ਬੇਅੰਤ ਕੌਰ ਦੇ ਪਤੀ ਜਸਕਰਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਵੱਲੋਂ ਪਾਈ ਗਈ ਹੈ ਅਤੇ ਜੋ ਕੋਈ ਵੀ ਕਾਤਲ ਰਮਨਦੀਪ ਸਿੰਘ ਬਾਰੇ ਦੱਸੇਗਾ ਉਸ ਨੂੰ ਸੰਗਤ ਵੱਲੋਂ 50 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਬਾਬਾ ਬਲਵਿੰਦਰ ਸਿੰਘ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬਾਬਾ ਬਲਵਿੰਦਰ ਸਿੰਘ ਜੀ ਨਮਿੱਤ ਅੰਤਿਮ ਅਰਦਾਸ 8 ਮਈ ਨੂੰ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪੁੱਲ ਅਠਵਾਲ ਅਤੇ 9 ਮਈ ਨੂੰ ਬਾਬਾ ਬਲਵਿੰਦਰ ਸਿੰਘ ਜੀ ਦੇ ਪਿੰਡ ਭੂਰਾ ਕਾਨਾ ਜ਼ਿਲ੍ਹਾ ਤਰਨਤਾਰਨ ਵਿਖੇ ਹੋਵੇਗਾ। ਬਟਾਲਾ ਪੁਲੀਸ ਵੱਲੋਂ ਸੇਵਾਦਾਰ ਰਮਨਦੀਪ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਕਰੀਬ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਥਾਣਾ ਘੁਮਾਣ ਦੇ ਐੱਸਐੱਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬਾਬਾ ਬਲਵਿੰਦਰ ਸਿੰਘ ਦੇ ਕਤਲ ਦੇ ਦੋਸ਼ੀ ਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ 4 ਤੋਂ 5 ਵੱਡੀਆਂ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ