ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਗਈ।
ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜ਼ਖ਼ਮੀ ਕਰਨਾ ਸਿੱਖ ਮਾਨਸਿਕਤਾ ਨੂੰ ਗਹਿਰਾ ਜ਼ਖ਼ਮ ਹੈ।