JalandharIndiaPunjabReligious

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਜ਼ਾਰਾ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਏਗੀ ਗੁਰੂ ਨਗਰੀ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਤੇ ਦੀਪਮਾਲਾ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਧਾਮਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਗੁਰਬਾਣੀ ਕੀਰਤਨ ਪੂਰਾ ਮਾਹੌਲ ਰੂਹਾਨੀ ਰੰਗ ‘ਚ ਰੰਗਿਆ ਹੋਇਆ ਹੈ।

ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ, ਕਥਾ-ਵਿਚਾਰ, ਕਵੀ ਦਰਬਾਰ, ਅੰਮ੍ਰਿਤ ਸੰਚਾਰ ਤੇ ਹੋਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਸਜਾਏ ਜਾਣਗੇ ਜਲੌਅ ਸਾਹਿਬ

ਬਾਅਦ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਜਲੌਅ ਸਾਹਿਬ ਸਜਾਏ ਜਾਣਗੇ, ਜਿਨ੍ਹਾਂ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਜਿਵੇਂ ਸੋਨੇ ਦੇ ਦਰਵਾਜੇ, ਚਾਂਦੀ ਦੇ ਕਹੀ ਤੇ ਬਾਟੇ, ਸੋਨੇ ਤੇ ਹੀਰੇ ਜੜੇ ਜਵਾਹਰਾਤ ਦੇ ਜਲੌਅ ਸਵੇਰੇ 9 ਵਜੇ ਤੋਂ 12 ਵਜੇ ਤਕ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਦੇਸ਼ੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਵਟ ਕੀਤੀ ਹੋਈ ਹੈ। ਇਸ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਚਾਹਵਾਨ ਸ਼ਰਧਾਲੂਆਂ ਨੂੰ ਕੇਸੀ ਇਸ਼ਨਾਨ ਕਰਕੇ ਕਕਾਰਾਂ ਸਮੇਤ ਤਿਆਰ-ਬਰ-ਤਿਆਰ ਹੋ ਕੇ ਨਿਰਧਾਰਤ ਸਮੇਂ ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਕਥਾ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਗੁਰ-ਇਤਿਹਾਸ ਨਾਲ ਜੋੜਨਗੇ।

ਇਸ ਤੋਂ ਇਲਾਵਾ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਗਿਆਨੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ ਤੇ ਗਿਆਨੀ ਭਾਈ ਪਿੰਦਰਪਾਲ ਸਿੰਘ ਜੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੇ।ਉਪਰੰਤ ਕਵੀ ਸਮਾਗਮ ਹੋਵੇਗਾ ਤੇ ਪੰਥ-ਪ੍ਰਸਿੱਧ ਕਵੀ ਹਾਜ਼ਰੀ ਭਰਨਗੇ।

 

ਪ੍ਰਕਾਸ਼ ਗੁਰਪੁਰਬ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਕੀਤੀ ਜਾਵੇਗੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਹੋਵੇਗੀ, ਜਿਸ ਨਾਲ ਗੁਰੂ ਨਗਰੀ ਦਾ ਵਾਤਾਵਰਨ ਅਧਿਆਤਮਕ ਰੰਗ ਵਿੱਚ ਰੰਗਿਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।

Back to top button