
ਹਰਿਆਣਾ ਸਰਕਾਰ ਨੇ ਮਾਨਤਾ ਪ੍ਰਾਪਤ ਪੱਤਰਕਾਰਾਂ ਦੀ ਪੈਨਸ਼ਨ 10 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ। ਸੱਠ ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਇਹ ਪੈਨਸ਼ਨ ਮਿਲੇਗੀ। ਇਸ ਲਹੀ ਪੱਤਰਕਾਰ ਨੂੰ ਘੱਟੋ-ਘੱਟ 20 ਸਾਲਾਂ ਦਾ ਤਜਰਬਾ ਹੋਣਾ ਲਾਜ਼ਮੀ ਹੈ। ਨਾਲ ਹੀ ਘੱਟੋ-ਘੱਟ ਪੰਜ ਸਾਲਾਂ ਲਈ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ।
ਮੰਤਰੀ ਮੰਡਲ ਦੀ ਬੈਠਕ ’ਚ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਗਈ। ਨਾਲ ਹੀ ਸਰਕਾਰ ਨੇ ਡਿਜੀਟਲ ਮੀਡੀਆ ਪਲੇਟਫਾਰਮ ਚਲਾਉਣ ਵਾਲਿਆਂ ਨੂੰ ਮਾਨਤਾ ਦੇਣ ਦਾ ਫ਼ੈਸਲਾ ਲਿਆ ਹੈ। ਇਸ ਲਈ ਡਿਜੀਟਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਡਿਜੀਟਲ ਮੀਡੀਆ ’ਤੇ ਸਿਰਫ਼ ਖ਼ਬਰਾਂ ਚਲਾਉਣ ਵਾਲਿਆਂ ਨੂੰ ਹੀ ਪਾਲਿਸੀ ’ਚ ਸ਼ਾਮਲ ਕੀਤਾ ਗਿਆ ਹੈ।
ਡਿਜੀਟਲ ਪਲੇਟਫਾਰਮ ’ਤੇ ਊਟ-ਪਟਾਂਗ ਚੀਜ਼ਾਂ ਚਲਾਉਣ ਵਾਲਿਆਂ ਨੂੰ ਪਾਲਿਸੀ ’ਚ ਸ਼ਾਮਲ ਨਹੀਂ ਕੀਤਾ ਗਿਆ।