
ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ (ADR) ਨੇ ਆਪਣੀ ਰਿਪੋਰਟ ਜਾਰੀ ਕੀਤੀ। ਏਡੀਆਰ ਦੀ ਰਿਪੋਰਟ ਮੁਤਾਬਕ 2009 ਤੋਂ 2019 ਦੀਆਂ ਲੋਕ ਸਭਾ ਚੋਣਾਂ ਦਰਮਿਆਨ ਮੁੜ ਚੁਣੇ ਗਏ ਸੰਸਦ ਮੈਂਬਰਾਂ ਦੀ ਜਾਇਦਾਦ ਵਿੱਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਇਸ ਦੌਰਾਨ 71 ਸੰਸਦ ਮੈਂਬਰਾਂ ਦੀ ਜਾਇਦਾਦ ‘ਚ ਔਸਤਨ 286 ਫੀਸਦੀ ਦਾ ਵਾਧਾ ਹੋਇਆ ਹੈ।
ਇਸ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਸ਼ਾਮਲ ਹਨ। ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਜਾਇਦਾਦ ਵੀ ਵਧੀ ਹੈ। ਦੱਸ ਦੇਈਏ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਭਾਜਪਾ ਸਰਕਾਰ ਵਿੱਚ ਕੇਂਦਰੀ ਮੰਤਰੀ ਵੀ ਰਹਿ ਚੁੱਕੀ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਰਿਪੋਰਟ ਮੁਤਾਬਕ 2009 ਵਿੱਚ ਉਨ੍ਹਾਂ ਕੋਲ ਕੁੱਲ 60.31 ਕਰੋੜ ਦੀ ਜਾਇਦਾਦ ਸੀ। 2019 ‘ਚ ਹਰਸਿਮਰਤ ਕੌਰ ਬਾਦਲ ਦੀ ਜਾਇਦਾਦ ਵਧ ਕੇ 217.99 ਕਰੋੜ ਹੋ ਗਈ। ਇਸ ਦੌਰਾਨ ਉਨ੍ਹਾਂ ਦੀ ਸੰਪਤੀ ‘ਚ 261 ਫੀਸਦੀ ਦਾ ਵਾਧਾ ਹੋਇਆ। ਹਰਸਿਮਰਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹੈ। ਉਹ ਭਾਜਪਾ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਵੀ ਰਹਿ ਚੁੱਕੀ ਹੈ। ਇਸ ਏਡੀਆਰ ਦੀ ਰਿਪੋਰਟ ਦੇ ਅਨੁਸਾਰ, 2019 ਵਿੱਚ, ਵਰੁਣ ਗਾਂਧੀ ਦੀ ਕੁੱਲ ਜਾਇਦਾਦ 60.32 ਕਰੋੜ ਰੁਪਏ ਦੱਸੀ ਗਈ ਸੀ।