
MP Amritpal Singh released from Dibrugarh Jail; air travel expenses totaled Rs 7.84 lakh; he will attend the funeral on the 21st.
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਆ ਰਹੇ ਹਨ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੋਂ ਲੈ ਕੇ ਏਅਰਪੋਰਟ ਲਈ ਰਵਾਨਾ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਟੀਮ ਪਹਿਲਾਂ ਉਨ੍ਹਾਂ ਨੂੰ ਦਿੱਲੀ ਲੈ ਕੇ ਪਹੁੰਚੇਗੀ ਤੇ ਉੱਥੋਂ ਫਲਾਈਟ ਰਾਹੀਂ ਪੰਜਾਬ ਲਿਆਂਦਾ ਜਾਵੇਗਾ।
ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋ ਸਕਣਗੇ।
ਦਾਦੀ ਦੇ ਅੰਤਿਮ ਸਸਕਾਰ ਲਈ ਪਿੰਡ ‘ਚ ਤਿਆਰੀਆਂ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੇ ਖੇਤਾਂ ‘ਚ ਕੀਤਾ ਜਾਵੇਗਾ। ਇਸ ਸਬੰਧੀ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਤੇ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਣ ਲਈ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ‘ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਜਾਣਕਾਰੀ ਅਨੁਸਾਰ ਇਸ ‘ਚੋਂ 7.84 ਲੱਖ ਰੁਪਏ ਹਵਾਈ ਟਿਕਟਾਂ ‘ਤੇ ਖਰਚ ਹੋਣਗੇ। ਇਨ੍ਹਾਂ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਸ਼ਾਮਲ ਹਨ।





