ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਸ਼ਾਰਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਹੋਰਨਾਂ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਦੀ ਥਾਂ 2024 ਦੀਆਂ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੇ ਨਾਂ ‘ਤੇ ਆਮ ਆਦਮੀ ਪਾਰਟੀ ਨੂੰ ‘ਮਧੋਲਣ’ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ ਹੈ।
‘ਆਪ’ ਸੁਪਰੀਮੋ ਨੇ ਕਿਹਾ ਕਿ ਭਾਜਪਾ ਅਗਾਮੀ ਗੁਜਰਾਤ ਚੋਣਾਂ ਵਿੱਚ ਹਾਰ ਤੋਂ ਖ਼ੌਫਜ਼ਦਾ ਹੈ। ਕੇਜਰੀਵਾਲ ਇਥੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਦੇ ਵੇਲੋਡੋਰਮ ਵਿੱਚ ‘ਆਪ’ ਦੇ ਚੁਣੇ ਹੋਏ ਪ੍ਰਤੀਨਿਧਾਂ ਦੇ ਪਲੇਠੇ ਕੌਮੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ‘ਆਪ’ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਦ੍ਰਿੜਤਾ ਨਾਲ ਲੜਨ ਦਾ ਅਹਿਦ ਲਿਆ। ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਭਾਰਤ ਨੂੰ ਨੰਬਰ ਇੱਕ ਬਣਾਉਣ ਤੇ ਭਾਜਪਾ ਦੇ ‘ਅਪਰੇਸ਼ਨ ਲੋਟਸ’ ਨੂੰ ਨਾਕਾਮ ਕਰਨ ਸਬੰਧੀ ਦੋ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਪਾਰਟੀ ਨੁਮਾਇੰਦਿਆਂ ਨੇ ਪ੍ਰਵਾਨਗੀ ਦਿੱਤੀ।