
ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ।
ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਘੱਟੋ ਘਟ ਸਮਰਥਨ ਮੂਲ ਰੁ. 2060/- ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁ. 2040/- ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ, ਤੇ ਖਰੀਦ ਕੀਤੀ ਜਾਵੇਗੀ। ਝੋਨੇ ਦੀ ਖਰੀਦ ਮਿਤੀ 01.10.2022 ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30.11.2022 ਤੱਕ ਚੱਲੇਗੀ। ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀ.ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂ ਕਿ ਰਾਜ ਸਰਕਾਰ ਵੱਲੋਂ ਕੁੱਲ 191 ਲੱਖ ਮੀ.ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਖਰੀਫ ਸੀਜਨ 2022-23 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1804 ਰਵਾਇਤੀ ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਅਤੇ ਸੀਜਨ ਦੌਰਾਨ ਭੀੜ ਭੜੱਕੇ ਦੀ ਸਥਿਤੀ ਤੋਂ ਬਚਣ ਲਈ 364 ਆਰਜੀ ਮੰਡੀਆਂ ਨੋਟੀਵਾਈ ਕੀਤੀਆਂ ਗਈਆਂ ਹਨ। ਝੋਨੇ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।