JalandharPunjab

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 45501 ਮੀਟ੍ਰਿਕ ਟਨ ਝੋਨੇ ਦੀ ਆਮਦ, 42758 ਮੀਟ੍ਰਿਕ ਟਨ ਫ਼ਸਲ ਦੀ ਹੋਈ ਖ਼ਰੀਦ

ਜਲੰਧਰ, ਐਚ ਐਸ ਚਾਵਲਾ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਖ਼ਰੀਦ ਉਪਰੰਤ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਅਨਾਜ ਦਾ ਭੰਡਾਰ ਜਮ੍ਹਾ ਨਾ ਹੋਵੇ। ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਖਰੀਦ ਕਾਰਜਾਂ ਦਾ ਬਾਰੀਕੀ ਨਾਲ ਨਿਰੀਖਣ ਕਰਨ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 45501 ਮੀਟ੍ਰਿਕ ਟਨ ਝੋਨੇ ਵਿੱਚੋਂ 42758 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦੀ ਗਈ ਫ਼ਸਲ ਦੀ ਕਿਸਾਨਾਂ ਨੂੰ 58 ਕਰੋੜ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ। ਏਜੰਸੀਵਾਰ ਕੀਤੀ ਗਈ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 15254 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 9338 ਮੀਟ੍ਰਿਕ ਟਨ, ਪਨਸਪ ਵੱਲੋਂ 13798 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 4362 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਸੀਮਾ ਅਨੁਸਾਰ ਹੀ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

Back to top button