
ਲੁਧਿਆਣਾ ਜ਼ਿਲ੍ਹਾ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਦੇ ਪਿੰਡ ਹਲਾਲ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ। ਪੁਲਿਸ ਮੁਲਾਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਪਿੰਡ ‘ਚ ਪੁਲਿਸ ਮੁਲਾਜ਼ਮ ਰਹਿੰਦਾ ਸੀ, ਉਸੇ ਪਿੰਡ ਦੇ ਤਿੰਨ ਲੋਕਾਂ ਨੇ ਕਾਰ ‘ਚ ਆਉਂਦੇ ਸਮੇਂ ਉਸ ‘ਤੇ ਹਮਲਾ ਕਰ ਦਿੱਤਾ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਲੋਕ ਪਾਲਤੂ ਕੁੱਤੇ ਪਾਲ ਰਹੇ ਹਨ। ਕੁੱਤਿਆਂ ਕਾਰਨ ਸੁਖਵਿੰਦਰ ਦੀ ਮੁਲਜ਼ਮਾਂ ਨਾਲ ਪਹਿਲਾਂ ਵੀ ਬਹਿਸ ਹੋਈ ਸੀ। ਇਸ ਤੋਂ ਬਾਅਦ ਜਦੋਂ ਸੁਖਵਿੰਦਰ ਸ਼ਾਮ ਨੂੰ ਕਾਰ ਰਾਹੀਂ ਆ ਰਿਹਾ ਸੀ ਤਾਂ ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮ੍ਰਿਤਕ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ 307 ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਹੁਣ ਸੁਖਵਿੰਦਰ ਦੀ ਮੌਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਵਿਲੀਅਮ ਜੈਜ਼ੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।