PunjabReligious

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇੰ ਪ੍ਰਕਾਸ਼ ਗੁਰਪੁਰਬ ਤੇ ਗੁ: ਬੇਰ ਸਾਹਿਬ ਵਿਖੇ ਸਮਾਗਮ ਆਰੰਭ, ਕੀਤੀ ਸੁੰਦਰ ਦੀਪਮਾਲਾ

 ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇੰ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭਤਾ ਨਾਲ਼ ਧਾਰਮਿਕ ਸਮਾਗਮ ਸ਼ੁਰੂ ਹੋ ਗਏ।

ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਸਾਰਾ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਤਾਂਤਾ ਲੱਗਾ ਰਿਹਾ।ਦੇਰ ਰਾਤ ਤੱਕ ਲੱਗਭੱਗ 50 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਚੁੱਕੀ ਸੀ।

ਮੁਕੰਮਲ ਕਰ ਲ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਜੀ ਦੇ ਸਮੁੱਚੇ ਕੰਪਲੈਕਸ ਨੂੰ ਰੰਗ ਰੋਗਨ ਕੀਤਾ ਜਾ ਚੁੱਕਾ ਹੈ ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਨੂੰ ਅਤੇ ਆਲੇ ਦੁਆਲੇ ਦੀਆਂ ਸਰਾਵਾਂ , ਦਰਸ਼ਨੀ ਡਿਊੜੀ ਤੇ ਲੰਗਰ ਹਾਲ ਆਦਿ ਨੂੰ ਸੁੰਦਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ । ਸ਼ਾਮ ਵੇਲੇ ਦੀਪਮਾਲਾ ਦਾ ਬਹੁਤ ਸੁੰਦਰ ਨਜ਼ਾਰਾ ਦੇਖਣਯੋਗ ਸੀ ।ਦੂਰ ਦੁਰਾਡੇ ਤੋਂ ਸ਼ਰਧਾਲੂ ਪੁੱਜ ਕੇ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ , ਉੱਥੇ ਗੁਰਦੁਆਰਾ ਸਾਹਿਬ ਦੇ ਸੁੰਦਰ ਮਨਮੋਹਿਕ ਦ੍ਰਿਸ਼ ਦੇਖ ਕੇ ਬਹੁਤ ਪ੍ਰਭਾਵਿਤ ਹੋ ਰਹੇ ਹਨ ।

ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ 6-7 ਨਵੰਬਰ ਦੀ ਰਾਤ ਨੂੰ 2.30 ਵਜੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ , ਜਿਨ੍ਹਾਂ ਦੇ ਭੋਗ 8 ਤੇ 9 ਦੀ ਵਿਚਕਾਰਲੀ ਰਾਤ ਨੂੰ 1.40 ਵਜੇ ਪਾਏ ਜਾਣਗੇ ਤੇ ਇਸ ਸਮੇਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ । ਇਸੇ ਤਰ੍ਹਾਂ ਸਲਾਨਾ ਮਹਾਨ ਨਗਰ ਕੀਰਤਨ 7 ਨਵੰਬਰ ਨੂੰ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਆਰੰਭ ਹੋਵੇਗਾ , ਜੋ ਕਿ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ । ਇਸੇ ਤਰ੍ਹਾਂ 7 ਨਵੰਬਰ ਸ਼ਾਮ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਜਾਣਗੇ , ਜੋ 9 ਨਵੰਬਰ ਦੀ ਸਵੇਰ ਤੱਕ ਚੱਲਣਗੇ ਤੇ ਵੱਖ ਵੱਖ ਉੱਚ ਕੋਟੀ ਦੇ ਰਾਗੀ , ਢਾਡੀ , ਕਵੀਸ਼ਰੀ , ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ਼ ਸਰਵਣ ਕਰਵਾਉਣਗੇ ।

ਉਨ੍ਹਾਂ ਹੋਰ ਦੱਸਿਆ ਕਿ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਆਗੂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਨਗੇ । ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ਾਂ ਪ੍ਰਦੇਸਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਚੇਚੇ ਪ੍ਰਬੰਧ ਉਲੀਕੇ ਗਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਲਈ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੀ ਸੰਗਤ ਵੱਲੋਂ 15 ਕੁਵਿੰਟਲ ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ ਸਜਾਇਆ ਗਿਆ ਹੈ।ਇਹ ਫੁੱਲ ਵਿਦੇਸ਼ਾਂ ਤੋਂ ਵੀ ਮੰਗਵਾਏ ਗਏ ਹਨ।ਇਸ ਤੋਂ ਇਲਾਵਾ ਸਵਾਗਤੀ ਗੇਟਾਂ ਨੂੰ ਮਨਮੋਹਕ ਫੁੱਲਾਂ ਨਾਲ ਸਜਾਇਆ ਗਿਆ ਹੈ।

Leave a Reply

Your email address will not be published. Required fields are marked *

Back to top button