
ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਤਰਨਤਾਰਨ ਦੇ ਸਦਰ ਥਾਣੇ ਵਿੱਚ ਵਿਧਾਇਕ ਦਲਬੀਰ ਸਿੰਘ ਟੌਂਗ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਧਾਇਕ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਵਿਧਾਇਕ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ।
ਦੱਸ ਦੇਈਏ ਕਿ ਵਿਧਾਇਕ ਦਲਬੀਰ ਸਿੰਘ ਟੌਂਗ ਨੇ 2020 ਵਿੱਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਤਰਨਤਾਰਨ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਉਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਲਾਲਜੀਤ ਸਿੰਘ ਭੁੱਲਰ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਕਈ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਹੋਰ ਮੰਤਰੀ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।