
Big news regarding holidays declared in schools due to floods in Punjab
ਪੰਜਾਬ ਵਿੱਚ ਹੜ੍ਹ ਦੇ ਕਹਿਰ ਵਿਚਕਾਰ ਸਕੂਲਾਂ ਵਿੱਚ ਘੋਸ਼ਿਤ ਕੀਤੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਰਾਹੀਂ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ-ਕਾਲਜਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਸਨ, ਪਰ ਹੁਣ ਹਾਲਾਤ ਕੁੱਝ ਸੰਭਲ ਰਹੇ ਹਨ। ਪਰ ਉਨ੍ਹਾਂ ਨੇ ਨਾਲ ਹੀ ਸਾਫ ਕਰ ਦਿੱਤਾ ਹੈ ਕਿ ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ। ਇਸ ਲਈ ਪੰਜਾਬ ਦੇ ਸਾਰੇ ਸਿੱਖਿਆ ਸੰਸਥਾਨ ਨਿਰਧਾਰਿਤ ਸਮੇਂ ‘ਤੇ ਮੁੜ ਖੁੱਲਣਗੇ। ਸਿੱਖਿਆ ਮੰਤਰੀ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ ਅਤੇ ਸਿਰਫ਼ ਸਰਕਾਰੀ ਐਲਾਨਾਂ ‘ਤੇ ਹੀ ਭਰੋਸਾ ਕਰਨ।
ਸੋਮਵਾਰ ਤੋਂ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਖੁੱਲਣਗੇ
ਉਨ੍ਹਾਂ ਨੇ ਐਕਸ (X) ‘ਤੇ ਪੰਜਾਬ ਰਾਜ ਵਿੱਚ ਸਿੱਖਿਆ ਸੰਸਥਾਨਾਂ ਦੇ ਖੁੱਲ੍ਹਣ ਨੂੰ ਲੈ ਕੇ ਮਹੱਤਵਪੂਰਨ ਜਾਣਕਾਰੀ ਅਤੇ ਹੁਕਮ ਜਾਰੀ ਕਰਦੇ ਹੋਏ ਲਿਖਿਆ ਕਿ ਰਾਜ ਦੇ ਸਾਰੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਰੂਪ ਵਿੱਚ ਖੁੱਲਣਗੇ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹ ਤੋਂ ਪ੍ਰਭਾਵਿਤ ਹੁੰਦਾ ਹੈ, ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਉਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ। ਇਸਦੇ ਨਾਲ ਹੀ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀਆਂ ਇਮਾਰਤਾਂ ਅਤੇ ਕਲਾਸਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਹਰ ਹਾਲਤ ਵਿੱਚ ਪੱਕੀ ਹੋ ਸਕੇ।
ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- ”ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ
1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।
5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ








