ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਹੈ।
ਉਂਝ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਲਈ। ਇਹ ਫੈਸਲਾ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਣਾਇਆ ਹੈ।
ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ।
ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ ਸੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ ਪਰ ਅਦਾਲਤ ਨੇ ਫੈਸਲਾ ਅੱਜ ਸੁਣਾਇਆ ਹੈ।