
ਪੰਜਾਬ ਦੇ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ 90 ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਚੱਲ ਰਹੀ ਹੈ। ਇਸ ਤੋਂ ਇਲਾਵਾ 12 ਮਾਮਲਿਆਂ ਦੀ ਜਾਂਚ ਪੈਂਡਿੰਗ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਗਈ ਹੈ। ਦਰਅਸਲ ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਦੀਆਂ ਹਾਈ ਕੋਰਟਾਂ ਨੂੰ ਕਿਹਾ ਸੀ ਕਿ ਉਹ ਆਪੋ-ਆਪਣੇ ਸੂਬੇ ਦੇ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ ਚੱਲ ਰਹੇ ਕੇਸਾਂ ਦਾ ਨਿਪਟਾਰਾ ਜਲਦੀ ਕਰਨ। ਪੰਜਾਬ ਸਰਕਾਰ ਵੱਲੋਂ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਏਆਈਜੀ ਸਰਬਜੀਤ ਸਿੰਘ ਨੇ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ।
ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਸੀ ਕਿ ਸਿਰਫ 6 ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਪਰ ਬੁੱਧਵਾਰ ਨੂੰ ਹਾਈ ਕੋਰਟ ‘ਚ ਪੇਸ਼ ਕੀਤੀ ਸਟੇਟਸ ਰਿਪੋਰਟ ‘ਚ 6 ਨਵੇਂ ਮਾਮਲਿਆਂ ਦੀ ਵੀ ਜਾਣਕਾਰੀ ਦਿੱਤੀ ਗਈ ਸੀ। ਸਾਹਮਣੇ ਆਏ ਨਵੇਂ 6 ਮਾਮਲਿਆਂ ‘ਚ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਕੁਲਦੀਪ ਵੈਦ ਅਤੇ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਐੱਫ.ਆਈ.ਆਰ. ਇਨ੍ਹਾਂ ਸਾਰਿਆਂ ਦੀ ਜਾਂਚ ਜਾਰੀ ਹੈ।







