ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਕਰੋੜਾਂ ਰੁਪਏ ਦੀ ਫਿਰੌਤੀ ਦੇ ਦੋਸ਼ੀ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਮੁਲਜ਼ਮ ਰਾਜਜੀਤ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਐਸਟੀਐਫ ਨੇ ਉਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਨੂੰ ਭਗੌੜਾ ਐਲਾਨਣ ਲਈ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਐਸਟੀਐਫ ਵੱਲੋਂ ਦਰਜ ਕੀਤੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਬਰਖਾਸਤ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਦੀ ਭੂਮਿਕਾ ਦਾ ਜ਼ਿਕਰ ਹੈ।
ਕੇਸ ਅਨੁਸਾਰ ਮੁਲਜ਼ਮ ਰਾਜਜੀਤ ਸਿੰਘ ਸਾਰੇ ਕੰਮ ਇੰਦਰਜੀਤ ਸਿੰਘ ਰਾਹੀਂ ਕਰਵਾਉਂਦੇ ਸਨ। ਇਸ ਦੇ ਨਾਲ ਹੀ ਐਸਆਈਟੀ ਦੀ ਰਿਪੋਰਟ ਵਿੱਚ ਦੋਵਾਂ ਦੇ ਸਬੰਧਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ ਹੈ ਕਿ ਉਹ ਕਿਵੇਂ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮ ਰਾਜਜੀਤ ਸਿੰਘ ਵੀ ਵਕੀਲ ਰਾਹੀਂ ਅਦਾਲਤ ਵਿੱਚ ਪਹੁੰਚ ਗਿਆ ਹੈ। ਮੁਲਜ਼ਮ ਨੇ ਆਪਣੇ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਕੀਤੀ ਹੈ। ਅਦਾਲਤ ਨੇ ਮੁਲਜ਼ਮ ਨੂੰ ਭਗੌੜਾ ਕਰਾਰ ਦੇਣ ਅਤੇ ਉਸ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਦੋਵਾਂ ਦੀ ਸੁਣਵਾਈ ਲਈ 5 ਜੂਨ ਦੀ ਤਰੀਕ ਤੈਅ ਕੀਤੀ ਹੈ।