
ਕੈਨੇਡਾ ਤੋਂ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਵਿਦਿਆਰਥੀ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਨ। ਇਸ ਕਾਰਨ ਸਾਰੇ ਵਿਦਿਆਰਥੀਆਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਦਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਆਪਣਾ ਪੱਖ ਪੇਸ਼ ਕਰ ਸਕਣਗੇ ਅਤੇ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਐਕਸ਼ਨ ਮੋਡ ਵਿੱਚ ਆਈ ਸੀ ਕਿਉਂਕਿ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਸਨ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨਾਲ ਵਿਦਿਆਰਥੀਆਂ ਦੀ ਨੁਮਾਇੰਦਗੀ ਲਈ ਮੀਟਿੰਗ ਕੀਤੀ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ 7 ਜੂਨ ਦੀ ਰਾਤ ਨੂੰ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਦਿਆਰਥੀਆਂ ਦੀ ਮਦਦ ਲਈ ਏਜੀ ਵਿਨੋਦ ਘਈ ਨਾਲ ਕਾਨੂੰਨੀ ਪੱਖ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਾਰੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।









