ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਇੱਕ ਵਾਰ ਤੋਂ ਤਕਰਾਰ ਵਧਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੰਭੀਰ ਮਾਮਲਿਆਂ ‘ਤੇ ਰਾਸ਼ਟਰਪਤੀ ਜਾਂ ਸੁਪਰੀਮ ਕੋਰਟ ਜਾਣ ਦਾ ਸੰਕੇਤ ਦਿੱਤਾ ਹੈ। ਦੱਸ ਦਈਏ ਕਿ ਰਾਜਪਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਕਈ ਮੁੱਦਿਆਂ ਉੱਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਕੁਝ ਮਾਮਲਿਆਂ ਬਾਰੇ ਗ੍ਰਹਿ ਮੰਤਰੀ ਅਤੇ ਪੀਐੱਮ ਨਰਿੰਦਰ ਮੋਦੀ ਨੂੰ ਚਿੱਠੀ ਲਿਖਣ ਦੀ ਵੀ ਗੱਲ ਆਖੀ।
ਇਸ ਤੋਂ ਇਲਾਵਾ ਰਾਜਪਾਲ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਲਜ਼ਾਮਾਂ ‘ਤੇ ਕਿਹਾ ਕਿ ਕੌਣ ਕਿਸ ਨੂੰ ਕੰਮ ਕਰਨ ਨਹੀਂ ਦਿੰਦਾ। ਉਨ੍ਹਾਂ ਨੇ ਸੀਐੱਮ ਨੂੰ 10 ਚਿੱਠੀਆਂ ਲਿਖੀਆਂ ਪਰ ਕਿਸੇ ਦਾ ਵੀ ਜਵਾਬ ਨਹੀਂ ਆਇਆ। ਮੈਨੂੰ ਪਤਾ ਹੈ ਕਿ ਕੀ-ਕੀ ਹੋ ਰਿਹਾ ਹੈ। ਮੈਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਤੁਸੀਂ ਬਰਾਬਰੀ ਨਾ ਕਰੋ ਮੈ ਤਾਂ ਸਰਕਾਰ ਦੀ ਬਰਾਬਰੀ ਕਰ ਵੀ ਨਹੀਂ ਸਕਦਾ।
ਇਸ ਤੋਂ ਇਲਾਵਾ ਰਾਜਪਾਲ ਨੇ ਪੰਜਾਬ ਦੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮੁੱਦੇ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮੰਤਰੀ ਨੂੰ ਬਚਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਭਵਨ ਅਤੇ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨਸੀਐਸਸੀ) ਨੇ ਤੀਜੀ ਵਾਰ ਇਹ ਮੁੱਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਉਠਾਇਆ ਸੀ ਅਤੇ ਜਦੋਂ ਤੱਕ ਕੋਈ ਜਵਾਬ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ।