ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ ‘ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ।








