
ਕਾਨਪੁਰ ‘ਚ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਸੰਕਰਮਿਤ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੀ ਜਾਨ ਦਾਅ ‘ਤੇ ਲੱਗੀ ਹੋਈ ਹੈ। ਇਹ ਬੱਚੇ ਹੁਣ ਏਡਜ਼ ਤੇ ਹੈਪੇਟਾਈਟਸ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਗਏ ਹਨ। ਕਾਨਪੁਰ ਦੇ ਮੈਡੀਕਲ ਕਾਲਜ ‘ਚ ਸਾਹਮਣੇ ਆਏ ਇਸ ਮਾਮਲੇ ‘ਚ ਪਤਾ ਲੱਗਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਚੜ੍ਹਾਉਣ ਤੋਂ ਪਹਿਲਾਂ ਖੂਨ ਦੀ ਜਾਂਚ ਨਹੀਂ ਕੀਤੀ ਗਈ ਸੀ। ਉਧਰ, ਮੈਡੀਕਲ ਕਾਲਜ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਦਰਅਸਲ ਕਾਨਪੁਰ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੇ ਐਚਆਈਵੀ, ਏਡਜ਼ ਤੇ ਹੈਪੇਟਾਈਟਸ ਤੋਂ ਪੀੜਤ ਹੋ ਗਏ। ਇਸ ਬਾਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਲਾਗ ਵਾਲਾ ਖੂਨ ਚੜ੍ਹਾਉਣਾ ਸ਼ਰਮਨਾਕ ਤੇ ਦੁਖਦਾਈ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਪਰ ਕੀ ਉਨ੍ਹਾਂ ਨੇ ਕਦੇ ਆਪਣੀਆਂ ਭਾਜਪਾ ਸਰਕਾਰਾਂ ਲਈ ਜਵਾਬਦੇਹੀ ਤੈਅ ਕੀਤੀ ਹੈ। ਭਾਜਪਾ ਸਰਕਾਰ ਦੇ ਇਸ ਨਾ ਮੁਆਫ਼ੀਯੋਗ ਅਪਰਾਧ ਦੀ ਸਜ਼ਾ ਮਾਸੂਮ ਬੱਚਿਆਂ ਨੂੰ ਭੁਗਤਣੀ ਪੈ ਰਹੀ ਹੈ। 6 ਤੋਂ 16 ਸਾਲ ਦੀ ਉਮਰ ਦੇ ਬੱਚੇ ਉਨ੍ਹਾਂ 180 ਥੈਲੇਸੀਮਿਕ ਮਰੀਜ਼ਾਂ ਵਿੱਚੋਂ ਹਨ, ਜਿਨ੍ਹਾਂ ਨੂੰ ਖੂਨ ਚੜ੍ਹਾਇਆ ਗਿਆ ਸੀ।
ਇਸ ਮਾਮਲੇ ‘ਤੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਖ਼ੂਨ ਇੱਕ ਪ੍ਰਾਈਵੇਟ ਲੈਬ ਤੋਂ ਕਰਵਾਇਆ ਗਿਆ ਸੀ। ਵਿਸਥਾਰਤ ਰਿਪੋਰਟ ਆਉਣ ਤੋਂ ਬਾਅਦ ਅਸੀਂ ਅਗਲੀ ਕਾਰਵਾਈ ਕਰਾਂਗੇ।







