ਮੁਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਪਿੰਡ ਬੰਸੇਪੁਰ ਵਿੱਚ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਵਿੱਚੋਂ ਕਰੋੜਾਂ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਬੈਂਕ ਦੀ ਕਾਰਜਕਾਰੀ ਸ਼ਾਖਾ ਦੇ ਮੁਖੀ ਵਿਕਾਸ ਸੂਦ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਬੈਂਕ ਮੈਨੇਜਰ ਗੌਰਵ ਸ਼ਰਮਾ ਵਾਸੀ ਪਿੰਡ ਭੋਆ, ਪਠਾਨਕੋਟ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 381, 409 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ‘ਚ ਦੋਸ਼ੀ ਅਜੇ ਫਰਾਰ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਕਈ ਟੀਮਾਂ ਬਣਾਈਆਂ ਹਨ।
ਹੁਣ ਤੱਕ 30 ਤੋਂ 40 ਪਿੰਡ ਵਾਸੀਆਂ ਨੇ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਪਰ ਅਜੇ ਵੀ ਬਹੁਤ ਸਾਰੇ ਪਿੰਡ ਵਾਸੀ ਹਨ, ਜਿਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ। ਇਸ ਕਾਰਨ ਪੁਲਿਸ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਬੈਂਕ ਵਿੱਚ ਸਾਰੇ ਖਾਤਾ ਧਾਰਕਾਂ ਦੀ ਜਾਂਚ ਕਰਨ। ਇਨ੍ਹਾਂ ਸਾਰਿਆਂ ਦੇ ਖਾਤਿਆਂ ਦੀ ਜਾਂਚ ਕਰਕੇ ਕੁੱਲ ਰਕਮ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੁਲਜ਼ਮਾਂ ਵੱਲੋਂ ਕੀਤੇ ਗਬਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ।