ਪੁੱਡਾ (JDA) ਨੇ 9 ਗੈਰ-ਕਾਨੂੰਨੀ ਕਲੋਨੀਆਂ ਕੀਤੀਆਂ ਢਾਹ-ਢੇਰੀ, ਲੋਕਾਂ ਨੀ ਅਣ-ਅਧਿਕਾਰਤ ਕਲੋਨੀਆਂ ’ਚ ਪਲਾਟ ਨਾ ਲੈਣ ਦੀ ਅਪੀਲ


ਜਲੰਧਰ/ਐਸ ਐਸ ਚਾਹਲ

ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ 9 ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ।
ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜਾ ਅਤੇ 66 ਫੁੱਟੀ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਇਹ ਮੁਹਿੰਮ ਚਲਾਈ ਗਈ। ਜੇਡੀਏ ਦੇ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਉਸਾਰੀਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ.ਡੀ.ਏ. ਵੱਲੋਂ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖ਼ਰੀਦਣ ਦੀ ਅਪੀਲ ਵੀ ਕੀਤੀ।
