ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਲਈ ਮੰਗਿਆ ਸਹਿਯੋਗ
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਰੈੱਡ ਕਰਾਸ ਭਵਨ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ
ਭ੍ਰਿਸ਼ਟ ਕਾਰਵਾਈਆਂ ਸਬੰਧੀ ਹੈਲਪਲਾਈਨ ਨੰਬਰ 9501200200 ‘ਤੇ ਸੂਚਨਾ ਦੇ ਕੇ ਭ੍ਰਿਸ਼ਟਾਚਾਰ ਵਿਰੁੱਧ ਕਰੋ ਆਵਾਜ਼ ਬੁਲੰਦ – ਐਸ.ਐਸ.ਪੀ. ਵਿਜੀਲੈਂਸ
ਜਲੰਧਰ, ਐਚ ਐਸ ਚਾਵਲਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਐਸ.ਐਸ.ਪੀ. ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਅੱਜ ਨੌਜਵਾਨਾਂ ਨੂੰ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਵਿੱਚ ਪਾਰਦਰਸ਼ੀ ਵਿਵਸਥਾ ਦੀ ਸਿਰਜਣਾ ਦੀ ਨੌਜਵਾਨਾਂ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਪਹਿਲਾਂ ਹੀ ਫੈਸਲਾਕੁੰਨ ਜੰਗ ਛੇੜੀ ਹੋਈ ਹੈ, ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਦਾ ਸਹਿਯੋਗ ਕਰਨਾ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ। ਜਸਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਿਸ਼ਵਤਖੋਰੀ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮਾਜਿਕ ਬੁਰਾਈ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨਾ ਸਮੇੰ ਦੀ ਮੁੱਖ ਲੋੜ ਹੈ।
ਐਸ.ਐਸ.ਪੀ. ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਕਿ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਉਣ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਸਾਰੇ ਭਾਗੀਦਾਰਾਂ ਨੂੰ ਇਸ ਬੁਰਾਈ ਵਿਰੁੱਧ ਲੜਾਈ ਵਿੱਚ ਸਮੂਹਿਕ ਤੌਰ ‘ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਵਿਜੀਲੈਂਸ ਵਿਭਾਗ ਦੇ ਪ੍ਰਬੰਧਕੀ ਢਾਂਚੇ ਅਤੇ ਵੱਖ-ਵੱਖ ਵਿੰਗਾਂ ਦੇ ਕੰਮਕਾਜ ਬਾਰੇ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ। ਲੋਕਾਂ ਤੋੰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਆਮ ਜਨਤਾ ਨੂੰ ਅਜਿਹੀਆਂ ਕਾਰਵਾਈਆਂ, ਭਾਵੇੰ ਉਹ ਸਰਕਾਰੀ ਖੇਤਰ ‘ਚ ਹੋਣ ਜਾਂ ਪ੍ਰਾਈਵੇਟ ਖੇਤਰ ਵਿੱਚ, ਸਬੰਧੀ ਸੂਚਨਾ ਦੇਣ ਲਈ ਕਿਹਾ।
ਐਸ.ਐਸ.ਪੀ. ਨੇ ਲੋਕਾਂ ਨੂੰ ਅਜਿਹੀਆਂ ਕਾਰਵਾਈਆਂ ਸਬੰਧੀ ਹੈਲਪਲਾਈਨ ਨੰਬਰ 9501200200 ’ਤੇ ਵਿਜੀਲੈਂਸ ਵਿਭਾਗ ਨੂੰ ਸੂਚਨਾ ਦੇ ਕੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਇਹ ਹਫ਼ਤਾ ‘ ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਤ ਭਾਰਤ’ ਵਿਸ਼ੇ ‘ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਭਾਗੀਦਾਰਾਂ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਇਸ ਵਿਰੁੱਧ ਲੜਾਈ ਵਿੱਚ ਸਮੂਹਿਕ ਤੌਰ ‘ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।º
ਇਸ ਦੌਰਾਨ ਭਾਗੀਦਾਰਾਂ ਨੇ ਅਜਿਹੀਆਂ ਕਾਰਵਾਈਆਂ ਬਾਰੇ ਵਿਭਾਗ ਨੂੰ ਜਾਣਕਾਰੀ ਦੇ ਕੇ ਭ੍ਰਿਸ਼ਟਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਦਾ ਪ੍ਰਣ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਵਤਸਲਾ ਗੁਪਤਾ, ਡਿਪਟੀ ਡੀ.ਏ. ਮਨੀਤ ਦੁੱਗਲ, ਡੀ.ਐਸ.ਪੀ. ਜਤਿੰਦਰ ਸਿੰਘ ਅਤੇ ਸਮਾਜ ਸੇਵੀ ਪ੍ਰਵੀਨ ਅਬਰੋਲ ਆਦਿ ਮੌਜੂਦ ਸਨ।