JalandharPunjab

DC ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵੈਨਾਂ ਰਵਾਨਾ

ਜਲੰਧਰ, ਐਚ ਐਸ ਚਾਵਲਾ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਤਿੰਨ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ।

ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਵੱਲੋਂ ਅਗਲੇ 30 ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਨਾਂ ਰਾਹੀਂ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਪਰਚਿਆਂ ਤੇ ਪੋਸਟਰਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਇਸ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਖਾਸ ਕਰ ਪਿਛਲੇ ਸਾਲ ਜਿਨ੍ਹਾਂ 47 ਪਿੰਡਾਂ ਵਿੱਚ ਅੱਗ ਲੱਗਣ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ, ਉਥੇ ਵਧੇਰੇ ਫੋਕਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਅਤਿ-ਆਧੁਨਿਕ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ, ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ’ਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਰੁਝਾਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ, ਖੇਤੀਬਾੜੀ ਅਫ਼ਸਰ ਡਾ. ਨਰੇਸ਼ ਗੁਲਾਟੀ, ਸਹਾਇਕ ਖੇਤੀਬਾੜੀ ਇੰਜੀਨੀਅਰ ਨਵਦੀਪ ਸਿੰਘ ਆਦਿ ਮੌਜੂਦ ਸਨ।

 

Leave a Reply

Your email address will not be published.

Back to top button